ਮੁੱਖਮੰਤਰੀ ਨੇ ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਅੰਤਿਮ ਰੂਪ-ਰੇਖਾ ਤਿਆਰ ਕਰਨ ਦੇ ਦਿੱਤੇ ਹੁਕਮ

Newly-elected Amritsar MP Capt Amarinder Singh in Sector 10 of Chandigarh on Monday, May 26 2014. Express photo by Sumit Malhotra

ਚੰਡੀਗੜ(ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਰੂਪ-ਰੇਖਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ, ਜਿਸ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕਰਵਾਈ ਕਰਨ ਲਈ ਕਿਹਾ ਗਿਆ ਹੈ, ਦੇ ਅਨੁਸਾਰ ਪਰਾਲੀ ਸਾੜਨ ‘ਤੇ ਲਗਾਈ ਪਾਬੰਦੀ ਦਾ ਉਲੰਘਣ ਕਰਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਪ੍ਰਭਾਵਾਂ, ਜਿਸ ਨਾਲ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸੂਬੇ ‘ਤੇ ਵਾਧੂ ਬੋਝ ਪਵੇਗਾ, ਬਾਰੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।

Advertisements

ਉਨਾਂ ਜ਼ੋਰ ਦੇ ਕੇ ਕਿਹਾ ਕਿ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਨੂੰ ਸੂਬੇ ਦਾ ਸਮਰਥਨ ਕਰਨਾ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹਨਾਂ ਕਿਸਾਨਾਂ ਨੇ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਪਰਾਲੀ ਸਾੜਨ ਤੋਂ ਕਿਨਾਰਾ ਕੀਤਾ ਹੈ, ਅਜਿਹੇ ਕਿਸਾਨਾਂ ਨੂੰ ਮੁਆਵਜਾ ਦੇਣ ਅਤੇ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨਾਂ ਖੇਤੀਬਾੜੀ ਅਤੇ ਵਿੱਤ ਵਿਭਾਗ ਨੂੰ ਅਜਿਹੇ ਕਿਸਾਨਾਂ ਨੂੰ ਮੁਆਵਜਾ ਦੇਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਕਿਸਾਨਾਂ ਨੂੰ ਅਦਾਇਗੀ ਲਈ ਜ਼ਰੂਰੀ ਫੰਡ ਯਕੀਨੀ ਬਣਾਉਣ ਲਈ ਕਿਹਾ।

ਕੈਪਟਨ ਅਮਰਿੰਦਰ ਨੇ ਪੁਲਿਸ ਵਿਭਾਗ ਨੂੰ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ‘ਤੇ ਸ਼ਿਕੰਜਾ ਕਸਣ ਅਤੇ ਪਰਾਲੀ ਸਾੜਨ ਵਿੱਚ ਸ਼ਾਮਲ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਲਈ ਅਜਿਹੇ ਕਿਸਾਨਾਂ ਦੀ ਪਹਿਚਾਣ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਸੂਬੇ ਅਤੇ ਆਲੇ-ਦੁਆਲ਼ੇ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਹੋਇਆ ਹੈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਹੁਣ ਤੱਕ 900 ਤੋਂ ਵੱਧ ਐਫ. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਜਿਨਾਂ ਵਿੱਚ ਸਭ ਤੋਂ ਵੱਧ ਐਫ.ਆਈ.ਆਰਜ਼ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਕੀਤੀਆਂ ਗਈਆਂ ਹਨ ਅਤੇ ਕੁਝ ਮਾਮਲੇ ਸੰਗਰੂਰ ਵਿੱਚ ਵੀ ਦਰਜ ਕੀਤੇ ਗਏ ਹਨ। ਮੀਟਿੰਗ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ. ਇੰਟੈਲੀਜੈਂਸ ਵੀ. ਕੇ. ਭਾਵਰਾ, ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਾਤਾਵਰਣ ਰਾਕੇਸ਼ ਕੁਮਾਰ ਵਰਮਾ ਅਤੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਸ਼ਾਮਲ ਸਨ।

LEAVE A REPLY

Please enter your comment!
Please enter your name here