ਸੇਵਾ ਕੇਂਦਰਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿਚ ਜ਼ੀਰੋ ਪੈਂਡੈਂਸੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ ਜਲੰਧਰ : ਡਿਪਟੀ ਕਮਿਸ਼ਨਰ

ਜਲੰਧਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਜਲੰਧਰ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿਚ ਜ਼ੀਰੋ ਪੈਂਡੈਂਸੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।

Advertisements

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੀ ਟੀਮ, ਜੋ ਕਿ ਪੂਰੀ ਪ੍ਰਕਿਰਿਆ ਦਾ ਇਕ ਅਨਿੱਖੜਵਾਂ ਅੰਗ ਸੀ, ਦੇ ਯਤਨਾਂ ਤੋਂ ਬਗੈਰ ਇਸ ਉਪਲਬਧੀ ਨੂੰ ਹਾਸਲ ਕਰਨਾ ਸੰਭਵ ਨਹੀਂ ਸੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸੇ ਨੇ ਕਦੇ ਵੀ ਇਹ ਰੁਤਬਾ ਪਹਿਲਾਂ ਪ੍ਰਾਪਤ ਨਹੀਂ ਕੀਤਾ ਹੈ ਅਤੇ ਇਹ ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਅਣਥੱਕ ਯਤਨ ਸਫ਼ਲ ਹੋਏ ਹਨ । ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਜ਼ਿਲ੍ਹੇ ਵਿੱਚ ਕੁੱਲ 212718 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਇਸ ਵੇਲੇ ਕੁਝ ਹੀ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ। ਜ਼ੀਰੋ ਪੈਂਡੈਂਸੀ ਹਾਸਲ ਕਰਨ ਤੱਕ ਦੇ ਸਫ਼ਰ ਨੂੰ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਲੰਧਰ ਦੀ “ਜ਼ੀਰੋ ਪੈਂਡੈਂਸੀ” ਪਹੁੰਚ ਨੂੰ ਅਪਣਾਇਆ ਗਿਆ, ਜਿਸ ਤਹਿਤ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਨਾਗਰਿਕ ਦਰਖਾਸਤ ਪ੍ਰਕਿਰਿਆ ‘ਤੇ ਕਾਰਵਾਈ ਕਰਨ ਵਾਲੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ ਤਹਿਸੀਲ ਜਾਂ ਸਬ ਤਹਿਸੀਲ ਪੱਧਰ ‘ਤੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮ.ਆਈ.ਐਸ.) ਰਾਹੀਂ ਹਰ ਦਫ਼ਤਰ ਦੇ ਦਰਖਾਸਤ ਪ੍ਰਕਿਰਿਆ ਸਬੰਧੀ ਪ੍ਰਦਰਸ਼ਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਂਦੀ ਹੈ।

 ਕਿਹਾ- ਕੋਈ ਪੈਂਡੈਂਸੀ ਨਾ ਹੋਣਾ ਪ੍ਰਸ਼ਾਸਨ ਦੇ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਸੰਕਲਪ ਨੂੰ ਦਰਸਾਉਂਦਾ ਹੈ

ਸ਼੍ਰੀ ਥੋਰੀ ਨੇ ਕਿਹਾ ਜੇਕਰ ਕੋਈ ਅਰਜ਼ੀ ਪੈਂਡਿੰਗ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਜਾਂਦਾ ਹੈ । ਨੋਡਲ ਅਧਿਕਾਰੀ ਸੁਚੇਤ ਹੋ ਜਾਂਦੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਬਿਨੈ-ਪੱਤਰ ‘ਤੇ ਕਰਵਾਈ ਨੂੰ ਯਕੀਨੀ ਬਣਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੀਰੋ ਪੈਂਡੈਂਸੀ ਪਹੁੰਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਦੋ ਪੱਖੀ ਜਾਣਕਾਰੀ ਦੇ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਨਾ ਸਿਰਫ ਪੈਂਡੈਂਸੀ ਦੀ ਪਹਿਚਾਨ ਕਰਦਾ ਹੈ ਸਗੋਂ ਸੁਚੇਤ ਵੀ ਕਰਦਾ ਹੈ ਅਤੇ ਜ਼ਿਲਾ ਵਿਭਾਗਾਂ ਦੇ ਮੁਖੀਆਂ ਨਾਲ ਪੈਂਡੈਂਸੀ ਦੇ ਮੁੱਖ ਕਾਰਨਾਂ ਨੂੰ ਸਾਂਝਾ ਅਤੇ ਰਿਕਾਰਡ ਵੀ ਕਰਦਾ ਹੈ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਭਵਿੱਖ ਵਿਚ ਸਮਾਨ ਕਾਰਨ ਕਰਕੇ ਹੋਣ ਵਾਲੀ ਕਿਸੇ ਵੀ ਪੈਂਡੈਂਸੀ ਨੂੰ ਰੋਕਣ ਲਈ ਵਿਭਾਗਾਂ ਵੱਲੋਂ ਢਾਂਚਾਗਤ ਰੁਕਾਵਟਾਂ ਨੂੰ ਦੂਰ ਕੀਤਾ ਸਕੇ। ਇਸ ਮੌਕੇ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਹੋਰਾਂ ਨੂੰ ਵੀ ਚੰਗੀ ਕਾਰਗੁਜ਼ਾਰੀ ਦਿਖਾਉਣ ਦੀ ਪ੍ਰੇਰਨਾ ਮਿਲੇਗੀ।

ਮਿਸ਼ਨ ਜ਼ੀਰੋ-ਪੈਂਡੈਂਸੀ ਪੂਰਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਪੂਰੀ ਟੀਮ ਵੱਲੋਂ ਕੀਤੇ ਅਣਥੱਕ ਯਤਨਾਂ ਦੀ ਕੀਤੀ ਸ਼ਲਾਘਾ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਦੇ ਫੇਸਬੁੱਕ ਪੇਜ, ਈਮੇਲਾਂ ਅਤੇ ਹੈਲਪਲਾਈਨ ਨੰਬਰ ‘ਤੇ ਨਾਗਰਿਕਾਂ ਦੀ ਸ਼ਿਕਾਇਤ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਰਿਕਾਰਡ ਹੋਣ ਦੇ 24 ਘੰਟਿਆਂ ਦੇ ਅੰਦਰ ਮਸਲਿਆਂ ਨੂੰ ਹੱਲ ਕਰਨ ਲਈ ਪ੍ਰਣਾਲੀ ਨੂੰ ਵਿਕਸਤ ਕੀਤੀ ਗਈ ਹੈ।

ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਗਰਿਕਾਂ, ਜਿਨ੍ਹਾਂ ਨੇ ਸੇਵਾ ਕੇਂਦਰ ਦੀਆਂ ਸਹੂਲਤਾਂ ਦੀ ਪਿਛਲੇ ਸੱਤ ਦਿਨਾਂ ਦੇ ਅੰਦਰ ਵਰਤੋਂ ਕੀਤੀ ਹੈ, ਪਾਸੋਂ ਉਨ੍ਹਾਂ ਦੇ ਕੀਮਤੀ ਸੁਝਾਅ ਅਤੇ ਫੀਡਬੈਕ ਵੀ ਪ੍ਰਾਪਤ ਕੀਤੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਨਾਗਰਿਕ-ਕੇਂਦਰਿਤ ਸੇਵਾਵਾਂ ਦੀ ਸਪੁਰਦਗੀ ਵਿਚ ਸਭ ਤੋਂ ਘੱਟ ਪੈਂਡੈਂਸੀ ਕਾਇਮ ਰੱਖਣ ਸਦਕਾ ਪਹਿਲਾਂ ਸਕੌਚ ਪੁਰਸਕਾਰ ਵੀ ਪ੍ਰਾਪਤ ਕਰ ਚੁੱਕਾ ਹੈ। ਇੰਨਾ ਹੀ ਨਹੀਂ ਜ਼ਿਲ੍ਹਾ ਜਲੰਧਰ ਜਨਤਕ ਸੇਵਾਵਾਂ ਦੀ ਸਪੁਰਦਗੀ ਵਿੱਚ ਸੁਧਾਰ ਸਬੰਧੀ ਪ੍ਰਧਾਨ ਮੰਤਰੀ ਅਵਾਰਡਾਂ ਲਈ ਫਾਈਨਲ ਦੌਰ ਵਿੱਚ ਪਹੁੰਚਣ ਵਾਲਾ ਸੂਬੇ ਦਾ ਪਹਿਲਾ ਅਤੇ ਇਕੋ-ਇਕ ਜ਼ਿਲ੍ਹਾ ਹੈ।  ਇਸ ਤੋਂ ਇਲਾਵਾ ਜ਼ੀਰੋ ਪੈਂਡੈਂਸੀ ਅਪਰੋਚ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲਿਆਂ ਨੂੰ ਭਾਰਤ ਸਰਕਾਰ ਵੱਲੋਂ ਤਿਆਰ ਕੌਫੀਟੇਬਲ ਬੁੱਕ ਵਿੱਚ ਸ਼ਾਮਿਲ ਵੀ ਗਿਆ ਹੈ।

LEAVE A REPLY

Please enter your comment!
Please enter your name here