
ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਕੋਵਿਡ ਵਾਇਰਸ ਮਹਾਂਮਾਰੀ ਖਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਗੈਰ ਸਰਕਾਰੀ ਸੰਸਥਾਵਾਂ , ਸਥਾਨਕ ਆਗੂਆਂ ਅਤੇ ਉਘੀਆਂ ਸਖ਼ਸੀਅਤਾਂ ਨੂੰ ਜ਼ਿਲ੍ਹੇ ਵਿੱਚ ਕੋਵਿਡ ਵਾਇਰਸ ਦੀ ਨਵੀਂ ਲਹਿਰ ਨਾਲ ਅਸਰਦਾਰ ਢੰਗ ਨਾਲ ਨਿਪਟਣ ਲਈ ਪੂਰਨ ਸਹਿਯੋਗ ਦੀ ਅਪੀਲ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 40 ਤੋਂ ਵੱਧ ਗੈਰ ਸਰਕਾਰੀ ਸੰਸਥਾਵਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ, ਜਿਨਾਂ ਦੇ ਨਾਲ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ, ਨੇ ਕਿਹਾ ਕਿ ਹਾਲ ਹੀ ਵਿੱਚ ਕੋਵਿਡ ਵੈਕਸੀਨ ਲਗਾਉਣ ਦੀ ਵੱਧ ਤੋਂ ਵੱਧ ਦਰ ਨਾਲ ਕੋਵਿਡ ਵਾਇਰਸ ਦੇ ਬੁਰੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ ਸਰਕਾਰੀ ਸੰਸਕਾਵਾਂ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਇਹ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਲਗਾਉਣ ਦੀ ਟੀਕਾਕਰਨ ਮੁਹਿੰਮ ਨੂੰ ਜਨਤਕ ਲਹਿਰ ਵਿੱਚ ਤਬਦੀਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸ਼੍ਰੀ ਥੋਰੀ ਨੇ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਆਪਣੇ ਆਪਣੇ ਖੇਤਰ ਜਿਵੇਂ ਕਲੋਨੀਆਂ, ਬਜ਼ਾਰਾਂ, ਧਾਰਮਿਕ ਥਾਵਾਂ ਅਤੇ ਉਦਯੋਗਾਂ ਵਿੱਚ ਮੋਬਾਇਲ ਵੈਕਸੀਨੇਸ਼ਨ ਕੈਂਪ ਲਗਾਏ ਜਾਣ ਤੋਂ ਇਲਾਵਾ ਹੋਰਨਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਸਿਵਲ ਸੁਸਾਇਟੀਆਂ ਦੇ ਵਟਸਐਪ ਗਰੁੱਪ ਬਣਾ ਕੇ ਉਨਾ ਨੂੰ ਇਨਾਂ ਵਿੱਚ ਸ਼ਾਮਿਲ ਕੀਤਾ ਗਿਆ।


ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਦੋ ਮੋਬਾਇਲ ਵਟਸਐਪ ਨੰਬਰ 9888981881 ਅਤੇ 9501799068 ਜਾਰੀ ਕੀਤੇ ਗਏ ਤਾਂ ਕਿ 45 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਮੋਬਾਇਲ ਵੈਕਸੀਨੇਸ਼ਨ ਕੈਂਪ ਲਗਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਗੈਰ ਸਰਕਾਰੀ ਸੰਸਥਾਵਾਂ ਦੇ ਵਲੰਟੀਅਰ ਹਜ਼ਾਰਾਂ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੁੰਦੇ ਹਨ, ਜੋ ਕਿ ਵੱਡੇ ਗਿਣਤੀ ਵਿੱਚ ਲੋਕਾਂ ਵਿੱਚ ਵੈਕਸੀਨ ਲਗਾਉਣ ਸਬੰਧੀ ਵੱਡੇ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰ ਸਕਦੇ ਹਨ। ਉਨ੍ਹਾਂ ਐਨ.ਜੀ.ਓਜ਼ ਦੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਕੋਵਿਡ ਵੈਕਸੀਨ ਲਗਾਉਣ ਤੋਂ ਵਾਂਝਾ ਨਾ ਰਹੇ ਤਾਂ ਕਿ ਇਸ ਅਪ੍ਰੈਲ ਮਹੀਨੇ ਦੌਰਾਨ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਦਾ ਟੀਚਾ ਹਾਸਿਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਐਨ.ਜੀ.ਓਜ਼ ਦੇ ਵਲੰਟੀਅਰਾਂ ਨੂੰ ਕਿਹਾ ਕਿ ਲੋਕਾਂ ਨਾਲ ਕੋਵਿਡ ਵੈਕਸੀਨ ਸਬੰਧੀ ਭੁਲੇਖਿਆ ਨੂੰ ਦੂਰ ਕਰਦਿਆਂ ਖੁਦ ਲਗਵਾਈ ਗਈ ਕੋਵਿਡ ਵੈਕਸੀਨ ਦੇ ਤਜ਼ਰਬਿਆਂ ਨੂੰ ਸਾਂਝਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨ ਲਗਵਾਉਣ ਬਾਰੇ ਇਹ ਵਰਤਾਲਾਪ ਲੋਕਾਂ ਦੇ ਮਨਾਂ ’ਤੇ ਗਹਿਰੀ ਛਾਪ ਛੱਡੇਗੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਇਸ ਨੇਕ ਕਾਜ ਵਿੰਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਸ ਦੇ ਸਾਰੇ ਵਲੰਟੀਅਰਾਂ ਵਲੋੀ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਸਿਵਲ ਸੁਸਾਇਟੀਆਂ ਦੇ ਵੱਡਮੁੱਲੇ ਸੁਝਾਅ ਵੀ ਲਏ ਗਏ ਅਤੇ ਉਨਾਂ ਨੂੰ ਇਸ ’ਤੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਵੀ ਦੁਆਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।












