ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਵਰਚੂਅਲ ਸਮਾਗਮ ਦੌਰਾਨ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ

ਫਿਰੋਜ਼ਪੁਰ, 10 ਅਪ੍ਰੈਲ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਵੀ ਜ਼ਿਲੇ ਵਿਚ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੀਆਂ ਹਦਾਇਤਾਂ ’ਤੇ ਹਾੜੀ ਸੀਜ਼ਨ ਲਈ ਕਣਕ ਦੀ ਖ਼ਰੀਦ ਦੇ ਪੁਖ਼ਤਾ ਅਤੇ ਸੁਰੱਖਿਅਤ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਅਤੇ ਡੀ. ਐਫ. ਐਸ. ਸੀ ਹਿਮਾਂਸ਼ੂ ਕੁੱਕੜ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਪੱਧਰ ’ਤੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਲਈ ਕੀਤੇ ਵਰਚੂਅਲ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਨ ਮੌਕੇ ਕੀਤਾ।

Advertisements

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦਾ ਹਿੱਸਾ ਬਣਦਿਆਂ ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲੇ ਵਿਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਹਰੇਕ ਖ਼ਰੀਦ ਕੇਂਦਰ ਵਿਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਕੇ ਉਨਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਉਨਾਂ ਦੱਸਿਆ ਮੰਡੀਆਂ ਵਿਚ ਬਾਰਦਾਨੇ, ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।  ਉਨਾਂ ਕਿਹਾ ਕਿ ਮੰਡੀਆਂ ਵਿਚ ਕੋਵਿਡ-19 ਤੋਂ ਬਚਾਅ ਲਈ ਵੀ ਸਮੁੱਚੇ ਇੰਤਜ਼ਾਮ ਕੀਤੇ ਗਏ ਹਨ ਅਤੇ ਇਥੇ ਸਾਫ਼-ਸਫ਼ਾਈ ਅਤੇ ਹੱਥਾਂ ਨੂੰ ਧੋਣ ਲਈ ਸਾਬਣ-ਪਾਣੀ ਅਤੇ ਸੈਨੀਟਾਈਜ਼ਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਹਿਨਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਮਾਪਦੰਡਾਂ ਅਨੁਸਾਰ ਪੂਰੀ ਤਰਾਂ ਪੱਕੀ ਹੋਈ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ।

LEAVE A REPLY

Please enter your comment!
Please enter your name here