ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਤੇ ਮੁੱਖ ਮੰਤਰੀ ਵੱਲੋਂ ਰਾਜ ਵਾਸੀਆਂ ਨੂੰ ਵਧਾਈ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਰਚਨਹਾਰੇ ਅਤੇ ਪ੍ਰਸਿੱਧ ਸਮਾਜ ਸੁਧਾਰਕ ਭਾਰਤ ਰਤਨ ਡਾ ਭੀਮ ਰਾਓ ਅੰਬੇਦਕਰ ਜੀ ਦੇ 130 ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਵਰਚੁਅਲ ਸਮਾਗਮ ਦਾ ਆਯੋਜਨ ਕੀਤਾ ਗਿਆ।  ਜਿਸ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਇਲਾਵਾ ਵੱਖ ਵੱਖ ਜ਼ਿਲਾ ਅਤੇ ਸਬ ਡਿਵੀਜ਼ਨ ਪੱਧਰ ਦੇ ਮੰਤਰੀ ਸਾਹਿਬਾਨਾਂ, ਐੱਮ ਐੱਲ ਏ  ਸਹਿਬਾਨਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਰਾਜ ਦੀਆਂ ਵੱਖ ਵੱਖ ਲੋਕੇਸ਼ਨਾਂ ਤੇ ਜ਼ਿਲਾ ਅਤੇ ਸਬ ਡਿਵੀਜ਼ਨ ਪੱਧਰ ਤੇ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ ਜਿਸ ਕਾਰਨ ਉਨ੍ਹਾਂ ਨੂੰ ਭਾਰਤ ਰਤਨ ਦੇ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਪਿਤਾਮਾ ਵੀ ਕਿਹਾ ਜਾਂਦਾ ਹੈ । ਉਨ੍ਹਾਂ ਨੇ ਆਪਣਾ ਜੀਵਨ ਦੱਬੇ ਕੁਚਲੇ ਲੋਕਾਂ ਦੀ ਸੇਵਾ ਅਤੇ ਸਮਾਜ ਸੁਧਾਰ ਲਈ ਲਗਾਇਆ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਸ਼ਿਰਕਤ ਕੀਤੀ।  ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਅਮਿਤ ਗੁਪਤਾ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹਾ ਪੱਧਰੀ ਕੰਪਲੈਕਸ ਵਿੱਚ ਲੱਗੇ ਡਾ ਭੀਮ ਰਾਓ ਅੰਬੇਦਕਰ ਦੇ  ਬੁੱਤ ਤੇ ਫੁੱਲ ਮਾਲਾ ਵੀ ਭੇਟ ਕੀਤੀ ਤੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

Advertisements

ਇਸ ਮੌਕੇ ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਡਾ ਭੀਮ ਰਾਓ ਦੇ ਸੁਪਨਿਆਂ ਨੂੰ ਸਵੀਕਾਰ ਕਰਨ ਅਤੇ ਸੰਵਿਧਾਨ ਦੁਆਰਾ ਦੱਬੇ ਕੁਚਲੇ ਲੋਕਾਂ ਦੇ ਹੱਕਾਂ  ਦੀ ਪੂਰਤੀ ਲਈ ਦਿਨ ਰਾਤ ਕੰਮ ਕਰ ਰਹੀ ਹੈ । ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਰਾਜ ਦੇ ਗ਼ਰੀਬ ਤੇ ਦਲਿਤ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੇ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਡਾ ਭੀਮ ਰਾਓ ਅੰਬੇਦਕਰ ਦੀ ਸਮਾਜ ਤੇ ਸਾਡੇ ਸੰਵਿਧਾਨ ਲਈ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ  ਸਿੱਖਿਆ ਦੇ ਖੇਤਰ ਵਿੱਚ ਸੁਧਾਰ ਤੇ ਲੋਕਾਂ ਨੂੰ ਸਿੱਖਿਅਤ ਕਰਨ ਵਿੱਚ ਵੀ ਵੱਡਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ ਲਈ ਸ਼ਗਨ ਸਕੀਮ ਦੀ ਰਾਸ਼ੀ 51000 ਕਰ ਦਿੱਤੀ ਗਈ ਹੈ  ਅਤੇ ਇਸ ਦਾ ਲਾਭ 1,95,000 ਲੋਕਾਂ ਨੂੰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਨੂੰ ਵੀ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਸ.ਸੀ ਵਰਗ ਦੇ ਲਈ 50000 ਤੱਕ ਦੇ ਕਰਜ਼ੇ ਐਸ.ਸੀ ਕਾਰਪੋਰੇਸ਼ਨ ਤੋਂ ਲਏ ਗਏ ਸਨ, ਮੁਆਫ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੀ.ਟੀ.ਯੂ ਜਲੰਧਰ ਵਿਖੇ ਵੀ ਡਾ ਅੰਬੇਦਕਰ ਦੀ ਢੁੱਕਵੀਂ ਯਾਦਗਾਰ ਬਣਾਈ ਜਾ ਰਹੀ ਹੈ ਜਿਸ ਤੇ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਉਪਰੰਤ  ਮੁੱਖ ਮੰਤਰੀ ਨੇ ਸਮੂਹ ਰਾਜ ਵਾਸੀਆਂ ਨੂੰ  ਅਪੀਲ ਕੀਤੀ ਕਿ ਉਹ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਵਿੱਚ ਸਾਥ ਦੇਣ ਅਤੇ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਜਿਹੜੇ ਵੀ ਵਰਗ ਨੂੰ ਟੀਕਾਕਰਨ ਕੀਤਾ ਜਾ ਰਿਹਾ ਹੈ ਉਹ ਟੀਕਾ ਜ਼ਰੂਰ ਲਗਵਾਉਣ ਅਤੇ 45 ਸਾਲ ਤੋਂ ਵੱਧ ਉਮਰ ਵਾਲੇ ਟੀਕੇ ਜ਼ਰੂਰ ਲਗਵਾਉਣ ।ਇਹ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਸਮਾਗਮ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰੀਮਤੀ ਅਰੁਣਾ ਚੌਧਰੀ, ਰਾਜ ਕੁਮਾਰ  ਵੇਰਕਾ, ਚੌਧਰੀ ਸੰਤੋਖ ਸਿੰਘ ਐਮ.ਪੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।   

LEAVE A REPLY

Please enter your comment!
Please enter your name here