ਸੰਸਦ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਡਾ. ਅੰਬੇਡਕਰ ਪ੍ਰਤੀ ਸੱਚੀ ਸ਼ਰਧਾਂਜਲੀ ਦੇ ਰੂਪ ਵਿੱਚ ਲੋਕਤੰਤਰ ਦੇ ਸਿਧਾਂਤਾ ਨੂੰ ਮਜ਼ਬੂਤ ਕਰਨ ਦਾ ਸੱਦਾ

ਜਲੰਧਰ, 14 ਅਪ੍ਰੈਲ: ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਪ੍ਰਤੀ ਸੱਚੀ ਸ਼ਰਧਾਂਜਲੀ ਦੇ ਰੂਪ ਵਿੱਚ ਲੋਕਤੰਤਰ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

Advertisements

ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਰਾਜ ਪੱਧਰੀ ਵਰਚੁਅਲ ਸਮਾਗਮ ਵਿੱਚ ਭਾਗ ਲੈਂਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਵੱਲੋਂ ਹਰੇਕ ਲਈ ਵੋਟ ਪਾਉਣ ਦੇ ਅਧਿਕਾਰ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਪੂਰੇ ਉਤਸ਼ਾਹ ਨਾਲ ਲੋਕਤੰਤਰੀ ਪ੍ਰਣਾਲੀ ਵਿਚ ਹਿੱਸਾ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਵਿਚ ਸਮਾਜਿਕ ਅਤੇ ਰਾਜਨੀਤਿਕ ਬਰਾਬਰੀ ਨੂੰ ਯਕੀਨੀ ਬਣਾਉਣਾ ਸੀ, ਜਿਸ ਨਾਲ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਇਕ ਸਰਗਰਮ ਭਾਈਵਾਲ ਬਣਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਇੱਛਾਵਾਂ ਤਾਂ ਹੀ ਹਕੀਕਤ ਬਣ ਸਕਦੀਆਂ ਹਨ ਜੇਕਰ ਅਸੀਂ ਸਾਰੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਹੀ ਢੰਗ ਨਾਲ ਕਰਦੇ ਹਾਂ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਜੋਸ਼ ਨਾਲ ਹਿੱਸਾ ਲੈਂਦੇ ਹਾਂ।

ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦਰਸ਼ਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਬਣਾਉਣ ਤੋਂ ਇਲਾਵਾ ਡਾ. ਅੰਬੇਡਕਰ ਵੱਲੋਂ ਰਿਜ਼ਰਵ ਬੈਂਕ ਆਫ਼ ਇੰਡੀਆ ਸਮੇਤ ਹੋਰ ਵੀ ਮਹੱਤਵਪੂਰਨ ਪ੍ਰਾਜੈਕਟਾਂ ਦੀ ਨੀਂਹ ਰੱਖੀ ਗਈ। ਉਨ੍ਹਾਂ ਨੌਜਵਾਨਾਂ ਨੂੰ ਜਾਤੀ, ਰੰਗ ਅਤੇ ਨਸਲ ਦੇ ਛੋਟੇ ਵਿਚਾਰਾਂ ਤੋਂ ਉੱਪਰ ਉੱਠ ਕੇ ਸਮਾਜ ਦੇ ਸਮੁੱਚੇ ਵਰਗਾਂ ਲਈ ਨਿਆਂ ਅਤੇ ਬਰਾਬਰਤਾ ਵਾਸਤੇ ਇਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸਮਰਪਿਤ ਯਤਨ ਕਰਨ ਦੀ ਅਪੀਲ ਕੀਤੀ।

ਮੈਂਬਰ ਪਾਰਲੀਮੈਂਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਲਈ ਅਨੇਕਾਂ ਪਹਿਲਕਦਮੀਆਂ ਕਰਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕਰਨਾ ਕੈਪਟਨ ਸਰਕਾਰ ਦਾ ਵਿਲੱਖਣ ਕਦਮ ਹੈ, ਜੋ ਕਮਜ਼ੋਰ ਵਰਗਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਹੋਰ ਘੋਸ਼ਨਾਵਾਂ ਤੋਂ ਇਲਾਵਾ ਪੀ.ਟੀ.ਯੂ. ਕੈਂਪਸ ਕਪੂਰਥਲਾ ਵਿਖੇ ਡਾ. ਬੀ.ਆਰ. ਅੰਬੇਡਕਰ ਨੂੰ ਸਮਰਪਿਤ ਅਜਾਇਬ ਘਰ ਅਤੇ ਮੈਨੇਜਮੈਂਟ ਇੰਸਟੀਚਿਊਟ ਦੀ ਸਥਾਪਨਾ ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ, ਜੋ ਕਿ ਨੌਜਵਾਨਾਂ ਨੂੰ ਡਾ. ਅੰਬੇਡਕਰ ਦੇ ਨਕਸ਼ੇ ਕਦਮਾਂ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ।

ਇਸ ਦੌਰਾਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਅਤੇ ਫਲਸਫਾ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਤੋਂ ਇਲਾਵਾ ਹਮੇਸ਼ਾ ਉਨ੍ਹਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

LEAVE A REPLY

Please enter your comment!
Please enter your name here