ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ/ਨਾਈਲੋਨ (ਕੰਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਉਹ ਡੋਰ ਨਾਈਲੋਨ ਤੋਂ ਬਣੀ/ਚਾਈਨੀਜ/ਸਿੰਥੈਟਿਕ/ਪਲਾਸਟਿਕ (ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਮਜ਼ਬੂਤ, ਨਾ-ਗਲਣਯੋਗ ਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਜਿੱਥੇ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ, ਉੱਥੇ ਹੀ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ ਅਤੇ ਉੱਡਦੇ ਪੰਛੀਆਂ ਦੇ ਹਾਦਸਿਆਂ ਦਾ ਕਾਰਨ ਵੀ ਬਣਦੀ ਹੈ। ਇਸ ਲਈ ਇਸ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਾਈਲੋਨ/ਸੰਥੈਟਿਕ/ਪਲਾਸਟਿਕ/(ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਦੀ ਖਰੀਦ-ਵੇਚ ਜਾਂ ਵਰਤੋਂ ਕਰਦਾ ਪਾਇਆ ਗਿਆ ਜਾਂ ਕਿਸੇ ਦੇ ਭੰਡਾਰ ਵਿੱਚ ਇਸ ਦੀ ਉਪਲੱਬਧਤਾ ਪਾਈ ਗਈ ਤਾਂ ਅਜਿਹੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਪਾਬੰਦੀ ਦਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਮੋਰੀ ਗੇਟ, ਬਗ਼ਦਾਦੀ ਗੇਟ, ਜ਼ੀਰਾ ਗੇਟ, ਮੈਗਜੀਨੀ ਗੇਟ, ਮੁਲਤਾਨੀ ਗੇਟ ਆਦਿ ਇਲਾਕਿਆਂ ਵਿਚ ਸ਼ਨੀਵਾਰ ਅਤੇ ਐਤਵਾਰ 2 ਦਿਨਾਂ ਤੋਂ ਇਲਾਵਾ ਬਾਕੀ ਦਿਨਾਂ ਵਿਚ ਸਵੇਰੇ 8 ਵਜੇ ਤੋ ਲੈ ਕੇ ਰਾਤ ਦੇ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ਤੇ ਪਾਬੰਦੀ ਦੇ ਆਦੇਸ਼ ਜਾਰੀ ਰਹਿਣਗੇ ਜਦਕਿ ਐਫ.ਸੀ.ਆਈ. ਦੇ ਢੋਆ-ਢੁਆਈ ਵਾਲੇ ਵਾਹਨਾਂ ਤੇ ਇਹ ਆਦੇਸ਼ ਲਾਗੂ ਨਹੀਂ ਹੋਣਗੇ।

Advertisements

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 07:00 ਵਜੇ ਤੋਂ ਸਵੇਰੇ 7:00 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰੱਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ  ਨੂੰ ਰੋਕਣ ਲਈ ਅਤੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜ਼ਿਸਟ੍ਰੇਟ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ  ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਇਹ ਸਮਾਨ ( ਜਿਵੇਂ ਨੀਲੀ ਬੱਤੀ, ਲਾਲ ਬੱਤੀ, ਪੁਲਿਸ ਨਾਲ ਸਬੰਧਿਤ ਸਾਜੋ ਸਮਾਨ, ਗੌਰਮਿੰਟ ਦਾ ਕੋਈ ਵੀ ਨਿਸ਼ਾਨ ਆਦਿ) ਜੋ ਕਿ ਸਰਕਾਰੀ ਮੁਲਾਜ਼ਮ ਵੱਲੋਂ ਆਪਣੀ ਡਿਊਟੀ ਕਰਦੇ ਸਮੇਂ ਵਰਤਿਆ ਜਾਂਦਾ ਹੈ ਕਿਸੇ ਪ੍ਰਾਈਵੇਟ ਵਿਅਕਤੀ ਨੂੰ ਜਾਂ ਸਰਕਾਰੀ ਕਰਮਚਾਰੀ ਨੂੰ ਵੀ ਸ਼ਨਾਖ਼ਤੀ ਕਾਰਡ ਆਦਿ ਵੇਖਣ ਤੋਂ ਬਿਨਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਕੋਈ ਮਾੜਾ ਅਨਸਰ ਅਜਿਹੇ ਸਮਾਨ ਦੀ ਗ਼ਲਤ ਵਰਤੋਂ ਕਰਕੇ ਅਮਨ ਤੇ ਕਾਨੂੰਨ ਦੀ ਵਿਵਸਥਾ ਵਿੱਚ ਅੜਚਣ ਪੈਦਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਵੇਚੇ ਗਏ ਸਮਾਨ ਦਾ ਪੂਰਾ ਰਿਕਾਰਡ ਦੁਕਾਨਦਾਰ ਵੱਲੋਂ ਰੱਖਿਆ ਜਾਵੇ ਅਤੇ ਹਰ ਮਹੀਨੇ ਬਾਅਦ ਉਹ ਇਸ ਸਬੰਧੀ ਰਿਪੋਰਟ ਇਸ ਦਫ਼ਤਰ ਨੂੰ ਭੇਜੇਗਾ। ਇਹ ਸਾਰੇ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here