ਕੋਵਿਡ-19 ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਸ ਪੂਰੀ ਤਰਾਂ ਚੌਕਸ, ਜਿਲੇ ’ਚ 40 ਥਾਈਂ ਨਾਕੇ: ਐਸਐਸਪੀ ਮਾਹਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਿਲਾ ਪੁਲਿਸ ਵਲੋਂ 40 ਥਾਈਂ ਵਿਸ਼ੇਸ਼ ਨਾਕੇ ਲਗਾ ਕੇ ਲੋਕਾਂ ਨੂੰ ਮਾਸਕ ਪਹਿਨਣ, ਇਕ ਦੂਜੇ ਤੋਂ ਬਣਦੀ ਦੂਰੀ ਬਣਾ ਕੇ ਰੱਖਣ ਅਤੇ ਨਾਈਟ ਕਰਫਿਊ ਦੀ ਉਲੰਘਣਾ ਨਾ ਕਰਨ ਦੀ ਅਪੀਲ ਕਰਦਿਆਂ ਸਥਾਨਕ ਗੌਰਮਿੰਟ ਕਾਲਜ ਚੌਂਕ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਨਾਕਿਆਂ ਦੀ ਦੇਖਰੇਖ ਐਸ.ਪੀ. ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਵਿਡ ਹਦਾਇਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਅਤੇ ਸਿੱਖਿਅਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ-ਨਾਲ ਜਾਣਬੁਝ ਕੇ ਸਿਹਤ ਸਲਾਹਕਾਰੀਆਂ ਅਤੇ ਮਾਸਕ ਪਾਉਣ ਆਦਿ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਐਸ.ਪੀ (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ‘ਚ ਗੌਰਮਿੰਟ ਕਾਲਜ ਚੌਂਕ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਅਮਰਨਾਥ ਅਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ ‘ਚ ਬਿਨਾਂ ਮਾਸਕ ਤੋਂ ਲੋਕਾਂ ਨੂੰ ਮਾਸਕ ਵੰਡਣ ਦੇ ਨਾਲ-ਨਾਲ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਭਵਿੱਖ ਵਿਚ ਅਜਿਹੀ ਲਾਪਰਵਾਹੀ ਨਾ ਕੀਤੀ ਜਾਵੇ ।

Advertisements

ਉਨ੍ਹਾਂ ਦੱਸਿਆ ਕਿ ਜਿਲੇ ਵਿਚ ਵੱਖ-ਵੱਖ ਥਾਵਾਂ ‘ਤੇ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਮੌਜੂਦਾ ਸਿਹਤ ਸੰਕਟ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਨੂੰ 04 ਸੈਕਟਰਾਂ ਵਿਚ ਵੰਡ ਕੇ ਐਸ. ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਨਦੀਪ ਸਿੰਘ ਅਤੇ 4 ਡੀ.ਐਸ.ਪੀਜ਼. ਦੀ ਨਿਗਰਾਨੀ ਹੇਠ ਵੱਖ-ਵੱਖ ਚੋਂਕਾਂ ਵਿਚ 21 ਨਾਕੇ ਲਗਾ ਕੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੌਕੇ ਮਾਸਕ ਪਾ ਕੇ ਰੱਖਣ ਵਾਲਿਆਂ ਨੂੰ ਗੁਲਾਬ ਦਾ ਫੁਲ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮਾਸਕ ਵੰਡੇ ਗਏ । ਉਨ੍ਹਾਂ ਦੱਸਿਆ ਕਿ ਅੱਜ ਮਾਸਕ ਦੀ ਉਲੰਘਣਾਂ ਦੇ 220 ਚਲਾਨ ਕੀਤੇ ਗਏ ਜਦਕਿ ਜਿਲੇ ਵਿਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਮਾਸਕ ਨਾ ਪਹਿਨਣ ਦੇ 2662 ਚਲਾਨ ਕੀਤੇ ਜਾ ਚੁਕੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫਿਊ ਜਾਰੀ ਹੈ ਜਿਸਦੀ ਉਲੰਘਣਾ ਨਾ ਕੀਤੀ ਜਾਵੇ। ਇਸੇ ਤਰ੍ਹਾਂ ਬਾਕੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜਨਤਕ ਥਾਵਾਂ ’ਤੇ ਇਕੱਠ ਤੋਂ ਬਚਣ ਅਤੇ ਮੈਰਿਜ ਪੈਲੇਸਾਂ ਵਿਚ 50 ਤੋਂ ਵੱਧ ਵਿਅਕਤੀ ਇਕੱਠੇ ਨਾ ਹੋਣ ਸਬੰਧੀ ਦਿਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। ਗੌਰਮਿੰਟ ਕਾਲਜ ਚੌਂਕ ਵਿਚ ਲਾਏ ਗਏ ਵਿਸ਼ੇਸ਼ ਨਾਕੇ ’ਤੇ ਐਸ. ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਅਮਰਨਾਥ, ਡੀ.ਐਸ.ਪੀ. ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here