ਡੀ.ਸੀ. ਵੱਲੋਂ ਐਸ.ਡੀ.ਐਮ. ਨੂੰ ਨਿਰਦੇਸ਼, ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ

ਲੁਧਿਆਣਾ, 19 ਅਪ੍ਰੈਲ: ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਾਰੇ ਐਸ.ਡੀ.ਐਮ. ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਅਤੇ ਲਿਫਟਿੰਗ ਦੇ ਨਾਲ-ਨਾਲ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਵੀ ਯਕੀਨੀ ਬਣਾਉਣ।

Advertisements

ਅੱਜ ਸਵੇਰੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 53.51 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਐਤਵਾਰ ਤੱਕ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 361168 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ 334646 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਸਾਰੇ ਐਸ.ਡੀ.ਐਮ. ਅਨਾਜ ਦੀ ਖਰੀਦ ਅਤੇ ਲਿਫਟਿੰਗ ਦੇ ਕੰਮਾਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਫੂਡ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਹਰ ਰੋਜ਼ ਅਨਾਜ ਮੰਡੀਆਂ ਦਾ ਦੌਰਾ ਵੀ ਕਰਨਗੇ ਤਾਂ ਜੋ ਕਿਸਾਨਾਂ ਦੀ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਕੀਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਐਸ.ਡੀ.ਐਮ. ਨੂੰ ਲਾਜ਼ਮੀ ਤੌਰ ‘ਤੇ ਸਮੁੱਚੀ ਸਰਕਾਰੀ ਮਸ਼ੀਨਰੀ ਦੇ ਸਹਿਯੋਗ ਨਾਲ ਵਿਸਤ੍ਰਿਤ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਪੀਲੇ ਸੋਨੇ ਦੀ ਮੰਡੀਆਂ ਵਿੱਚ ਆਉਂਦੇ ਸਾਰ ਹੀ ਖਰੀਦ ਕੀਤੀ ਜਾ ਸਕੇ।

ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਖਰੀਦ ਪ੍ਰਕਿਰਿਆ ਲਈ ਢੁੱਕਵੀ ਪ੍ਰਣਾਲੀ ਦੀ ਲੋੜ ਹੈੈ ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਅਨਾਜ ਮੰਡੀਆਂ ਵਿੱਚ 9 ਲੱਖ ਮੀਟਰਕ ਟਨ ਕਣਕ ਆਉਣ ਦੀ ਉਮੀਦ ਹੈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਲਗਭਗ 108 ਸਥਾਈ ਅਨਾਜ ਮੰਡੀਆਂ ਅਤੇ 124 ਵਾਧੂ ਅਸਥਾਈ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ।

LEAVE A REPLY

Please enter your comment!
Please enter your name here