ਮੰਡੀ ਬੋਰਡ ਵੱਲੋਂ ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਕਰਮਚਾਰੀਆਂ ਦੀ ਸੁਰੱਖਿਆ ਲਈ ਮੰਡੀਆਂ ‘ਚ ਵੰਡੇ 5 ਹਜ਼ਾਰ ਮਾਸਕ

ਲੁਧਿਆਣਾ, 19 ਅਪ੍ਰੈਲ: ਕੋਰੋਨਾ ਮਹਾਂਮਾਰੀ ਦੌਰਾਨ ਚੱਲ ਰਹੇ ਖਰੀਦ ਕਾਰਜਾਂ ਵਿਚ ਲੱਗੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਕਰਮਚਾਰੀਆਂ ਦੇ ਬਚਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਨੂੰ ਕੋਵਿਡ ਮੁਕਤ ਰੱਖਣ ਲਈ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿੱਚ ਹੁਣ ਤੱਕ 5 ਹਜ਼ਾਰ ਮਾਸਕ ਵੰਡੇ ਗਏ ਹਨ।

Advertisements

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸਪਲਾਈ ਵਿਭਾਗ ਦੇ ਨਾਲ-ਨਾਲ ਮੰਡੀ ਬੋਰਡ ਵੱਲੋਂ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪਹਿਲਾਂ ਹੀ ਮੰਡੀਆਂ ਵਿੱਚ ਨਿਸ਼ਾਨਦੇਹੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਹੀਲੇ ਬੇਲੋੜੀ ਭੀੜ ਇਕੱਠੀ ਨਾ ਹੋ ਸਕੇ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡੀ.ਐਮ.ਓ ਸ.ਬੀਰ ਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਮਿੱਟੀ ਨਾਲ ਮਿੱਟੀ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਨੂੰ ਮੁਫਤ ਮਾਸਕ ਵੰਡਦਿਆਂ ਇਸ ਮਹਾਂਮਾਰੀ ਤੋਂ ਬਚਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਮਾਰਕੀਟ ਕਮੇਟੀਆਂ ਅਤੇ ਸਟਾਫ ਨੂੰ ਅਸਥਾਈ ਖਰੀਦ ਕੇਂਦਰਾਂ ‘ਤੇ ਮਾਸਕ ਸਪਲਾਈ ਕੀਤੇ ਗਏ ਹਨ ਅਤੇ ਇਹ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ ਜਿਸਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਸ.ਬੀਰ ਇੰਦਰ ਸਿੰਘ ਨੇ ਅੱਗੇ ਕਿਹਾ ਕਿ ਜ਼ਿਅਦਾਤਰ ਅਨਾਜ ਮੰਡੀਆਂ ਨੂੰ ਸੈਨੀਟਾਈਜ਼ਰ, ਸਾਬਣ, ਵਿਸ਼ੇਸ਼ ਪੈਰ ਨਾਲ ਚੱਲਣ ਵਾਲੀਆਂ ਹੱਥ ਧੋਣ ਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਕੋਵਿਡ ਤੋ ਬਚਾਅ ਸਬੰਧੀ ਲਾਊਡ ਸਪੀਕਰ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਰਹੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਰ ਇਕ ਅਨਾਜ ਦੀ ਖਰੀਦ ਲਈ ਵਚਨਬੱਧ ਹੈ ਪਰ ਇਸ ਦੇ ਨਾਲ ਹੀ ਖਰੀਦ ਕਾਰਜਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਕੇ ਰੱਖਣਾ ਵੀ ਸਾਡੀ ਵੱਡੀ ਜ਼ਿੰਮੇਵਾਰੀ ਬਣਦੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਸਹਾਇਤਾ ਨਾਲ ਹੀ ਮਹਾਂਮਾਰੀ ਨੂੰ ਹਰਾਇਆ ਜਾ ਸਕਦਾ ਹੈ, ਇਸ ਲਈ ਸਾਰਿਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਾਉਣੇ ਚਾਹੀਦੇ ਹਨ।

ਡਿਪਟੀ ਡੀ.ਐਮ.ਓ ਨੇ ਲੋਕਾਂ ਨੂੰ ਹਰ ਸਮੇਂ ਮਾਸਕ ਪਹਿਨਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਦੇ ਸੁਨਹਿਰੀ ਸਿਧਾਂਤਾਂ ‘ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here