ਆਦਮਪੁਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 307 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ : ਡਿਪਟੀ ਕਮਿਸ਼ਨਰ

ਜਲੰਧਰ, 19 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜ਼ਗਾਰ’ ਯੋਜਨਾ ਅਧੀਨ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਦਮਪੁਰ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਦੌਰਾਨ 307 ਬੇਰੋਜ਼ਗਾਰ ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹੇ ਭਰ ਵੱਚ ਪਲੇਸਮੈਂਟ ਕੈਂਪ ਲਗਾਉਣ ਦੀ ਲੜੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਮਹੀਨਾ ਭਰ ਇਹ ਕੈਂਪ ਜਾਰੀ ਰਹਿਣਗੇ।

Advertisements

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਕੁੱਲ 13 ਨਾਮੀ ਕੰਪਨੀਆਂ ਵੱਲੋਂ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 352 ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਵਿੱਚੋਂ ਰੋਜ਼ਗਾਰ ਲਈ 307 ਨੌਜਵਾਨਾਂ ਦੀ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ਿਰਕਤ ਕਰਨ ਵਾਲੀਆਂ ਕੰਪਨੀਆਂ ਵਿੰਚ ਏ-ਵਨ ਇੰਟਰਨੈਸ਼ਨਲ, ਐਲ.ਆਈ.ਸੀ., ਸੀ.ਐਸ.ਸੀ., ਪੁਖ਼ਰਾਜ ਹੈਲਥ ਕੇਅਰ, ਐਸ.ਬੀ.ਆਈ., ਆਈ.ਸੀ.ਆਈ.ਸੀ. ਬੈਂਕ, ਨਰਾਇਣੀ ਹਰਬਲ, ਹਰਬਲ ਲਾਈਫ਼ ਨਿਊਟਰੀਸ਼ਨ, ਅਜਾਇਲ ਕੰਪਨੀ ਅਤੇ ਫਿਊਚਰ ਜਨਰਲੀ ਸ਼ਾਮਿਲ ਸਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ 12 ਪਲੇਸਮੈਂਟ ਕੈਂਪ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ 20 ਅਪ੍ਰੈਲ ਨੂੰ, ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਨਕੋਦਰ ਵਿਖੇ 23 ਅਪ੍ਰੈਲ, ਜਨਤਾ ਕਾਲਜ ਕਰਤਾਰਪੁਰ ਵਿਖੇ 26 ਅਪ੍ਰੈਲ, ਸਰਕਾਰੀ ਪਾਲੀਟੈਕਨਿਕ ਕਾਲਜ ਫਾਰ ਵੁਮੈਨ ਜਲੰਧਰ ਵਿਖੇ 27 ਅਪ੍ਰੈਲ , ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਿਲੌਰ ਵਿਖੇ 28 ਅਪ੍ਰੈਲ ਅਤੇ ਸੀ.ਟੀ.ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੌਜੀ ਸ਼ਾਹਪੁਰ ਵਿਖੇ 30 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਗਾਏ ਜਾਣਗੇ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਜ਼ਿਲ੍ਹੇ ਭਰ ਦੇ ਨੌਜਵਾਨਾਂ ਨੂੰ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਰੋਜ਼ਗਾਰ ਦੇ ਅਨੇਕਾਂ ਮੌਕੇ ਪ੍ਰਦਾਨ ਕਰਵਾਉਣਗੇ ਕਿਉਂਕਿ ਇਨ੍ਹਾਂ ਮੇਲਿਆਂ ਵਿੱਚ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਲਈ ਇਕ ਹੋਰ ਮੀਲ ਦਾ ਪੱਥਰ ਸਾਬਿਤ ਹੋ ਰਿਹਾ ਹੈ।
ਸ਼੍ਰੀ ਥੋਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਆਪ ਨੂੰ ਵੈਬਸਾਈਟ www.pgrkam.com ’ਤੇ ਰਜਿਸਟਰਡ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9056920100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here