ਕੋਰੋਨਾ ਵਾਇਰਸ: ਐਸਐਸਪੀ ਵਲੋਂ ਸਿਹਤ ਸਲਾਹਕਾਰੀਆਂ ’ਚ ਲਾਪ੍ਰਵਾਹੀ ਨਾ ਵਰਤਣ ਦੀ ਅਪੀਲ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਨਵੀਂਆਂ ਪਾਬੰਦੀਆਂ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਕੋਰੋਨਾ ਵਾਇਰਸ ਬਾਬਤ ਸਿਹਤ ਸਲਾਹਕਾਰੀਆਂ ਦੀ ਪਾਲਣਾ ’ਚ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ, ਡਿਪਟੀ ਮੇਅਰਾਂ, ਕੌਂਸਲਰਾਂ, ਸਰਪੰਚਾਂ ਆਦਿ ਨਾਲ ਨਿਜੀ ਤੌਰ ’ਤੇ ਕੋਵਿਡ-19 ਦੀਆਂ ਮੌਜੂਦਾ ਹਦਾਇਤਾਂ ਦੀ ਪਾਲਣਾ ’ਚ ਮੀਟਿੰਗਾਂ ਕਰਦਿਆਂ ਚੁਣੇ ਹੋਏ ਨੁਮਾਇੰਦਿਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਿਹਤ ਸੰਕਟ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਅਧਿਕਾਰੀਆਂ ਵਲੋਂ ਵੱਖੋ-ਵੱਖਰੇ ਖੇਤਰਾਂ ਵਿੱਚ ਚੁਣੇ ਅਤੇ ਲੋਕਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਜਾਰੀ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਵਲੋਂ  ਵੱਖ-ਵੱਖ ਖੇਤਰਾਂ ਵਿੱਚ 55 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕੋਰੋਨਾ ਦੀ ਮਾਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਮੰਦਰਾਂ ਆਦਿ ਰਾਹੀਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ’ਤੇ ਸੁਚੇਤ ਕੀਤਾ ਜਾ ਰਿਹਾ ਹੈ।

Advertisements

ਪੁਲਿਸ ਵਲੋਂ ਤੇਜ਼ ਕੀਤੀ ਚੈਕਿੰਗ ਮੁਹਿੰਮ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਿਛਲੇ 24 ਵਿੱਚ ਹੁਸ਼ਿਆਰਪੁਰ ਸਹਿਰ ਦੇ 2 ਮੈਰਿਜ ਪੈਲੇਸਾਂ ਸਮੇਤ 38 ਐਫ.ਆਈ.ਆਰਜ਼ ਦਰਜ ਕਰਨ ਦੇ ਨਾਲ-ਨਾਲ ਮਾਸਕ ਨਾ ਪਾਉਣ ਦੇ 190 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਮਾਰਚ ਤੋਂ ਲੈ ਕ ਹੁਣ ਤੱਕ  ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਸਕ ਨਾ ਪਹਿਨਣ ਵਾਲੇ 6597 ਵਿਅਕਤੀਆਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਨਾਈਟ ਕਰਫਿਊ ਜਾਰੀ ਹੈ ਜਿਸ ਦੀ ਉਲੰਘਣਾ ਨਾ ਕੀਤੀ ਜਾਵੇ। ਉਨ੍ਹਾਂ ਨੇ ਸਮੂਹ ਜਿੰਮ ਮਾਲਕਾ, ਸਪਾਅ ਸੈਂਟਰਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਦੇ ਮਾਲਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਦੀ ਤਾਕੀਦ ਕਰਦਿਆਂ ਕਿਹਾ ਕਿ ਐਤਵਾਰ ਨੂੰ ਮੁਕੰਮਲ ਲਾਕਡਾਊਨ ਐਲਾਨਿਆ ਗਿਆ ਹੈ ਜਿਸ ਪ੍ਰਤੀ ਗੈਰ ਜ਼ਿੰਮੇਵਾਰਾਨਾ ਵਤੀਰਾ ਨਾ ਅਪਨਾਇਆ ਜਾਵੇ। ਮੀਟਿੰਗਾਂ ਦੌਰਾਨ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡੀ.ਐਸ.ਪੀ. ਮਾਧਵੀ ਸ਼ਰਮਾ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

ਪੀ.ਸੀ.ਆਰ.ਟੀਮਾਂ ਕਰ ਰਹੀਆਂ ਨੇ ਵਿਸ਼ੇਸ਼ ਚੈਕਿੰਗ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂਆਂ ਪਾਬੰਦੀਆਂ ਨੂੰ ਹਰ ਹਾਲ ਲਾਗੂ ਕਰਵਾਉਣ ਲਈ ਪੀ.ਸੀ.ਆਰ. ਟੀਮਾਂ ਨੂੰ ਵਿਸ਼ੇਸ਼ ਚੈਕਿੰਗ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਜ਼ਿੰਮਾਂ, ਢਾਬਿਆਂ, ਰੈਸਟੋਰੈਂਟਾਂ ਆਦਿ ’ਤੇ ਹਦਾਇਤਾਂ ਨੂੰ ਪੂਰੀ ਤਰ੍ਹਾਂ ਅਮਲੀ ਜਾਮਾ ਪਹਿਨਾਉਣਗੀਆਂ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਵਿੱਚ 4 ਖੇਤਰਾਂ ਵਿੱਚ ਵੰਡ ਕੇ ਲੋਕਾਂ ਦੇ ਸਹਿਯੋਗ ਨਾਲ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮਾਸਕ ਪਹਿਨਣਾ, ਇਕ ਦੂਜੇ ਤੋਂ ਬਣਦੀ ਦੂਰੀ ਅਤੇ ਹੱਥ ਧੋਣਾ ਨਾ ਭੁਲੋ : ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਾਉਣਾ ਨਾ ਭੁੱਲਣ ਅਤੇ ਬਾਹਰ ਜਾ ਕੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਦਿਆਂ ਕੋਰੋਨਾ ਨੂੰ ਲਾਂਭੇ ਰੱਖਣ ਲਈ ਸਮੇਂ-ਸਮੇਂ ਸਿਰ ਹੱਥ ਧੋਣਾ ਯਕੀਨੀ ਬਨਾਉਣ।

LEAVE A REPLY

Please enter your comment!
Please enter your name here