ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ 28 ਅਪ੍ਰੈਲ 2021: ਜ਼ਿਲ੍ਹਾ ਮੈਜਿਸਟਰੇਟ ਸ੍ਰ: ਗੁਰਪਾਲ ਸਿੰਘ ਚਾਹਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣ ਰਹੇ ਹਨ, ਉਹ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ (ਜੇਕਰ ਉਨ੍ਹਾਂ ਵੱਲੋਂ ਪਹਿਲਾਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ) ਤਾਂ ਇਸ ਬਾਰੇ ਯੋਗ ਫ਼ੈਸਲਾ ਲਿਆ ਜਾਵੇਗਾ । ਇਤਰਾਜ਼ਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿਚ ਸਾਰੇ ਦਾ ਸਾਰਾ ਕੰਮ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਚਲਾਏ ਜਾ ਰਹੇ ਅਣ-ਅਧਿਕਾਰਤ ਆਵਾਜੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਬਿਲਕੁਲ ਮਨਾਹੀ ਹੋਵੇਗੀ। ਜਿਸ ਵੀ ਹੋਟਲ ਜਾਂ ਰੈਸਟੋਰੈਂਟ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ ਉਸ ਮੈਰਿਜ ਪੈਲੇਸ ਦੇ ਮਾਲਕ ਨੂੰ ਵੱਖਰੇ ਤੌਰ ਤੇ ਸਬੰਧਿਤ ਉਪ ਮੰਡਲ ਮੈਜਿਸਟਰੇਟ/ਜ਼ਿਲ੍ਹਾ ਮੈਜਿਸਟਰੇਟ ਤੋਂ ਪ੍ਰਵਾਨਗੀ ਲੈਣਗੇ, ਜਿਸ ਬਾਰੇ ਉਸ ਨੂੰ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਦਰਖਾਸਤ ਦੇਣੀ ਪਵੇਗੀ।  

Advertisements

            ਜ਼ਿਲ੍ਹਾ ਮੈਜਿਸਟਰੇਟ ਸ੍ਰ: ਗੁਰਪਾਲ ਸਿੰਘ ਚਾਹਲ ਵੱਲੋਂ ਇੱਕ ਹੋਰ ਮਨਾਹੀ ਦਾ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰ, ਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜਦੂਰਾਂ ਨੂੰ ਰੋਜਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ਵਿੱਚ ਨੌਕਰੀ ਦਿੰਦੇ ਹਨ, ਉਨੀ ਦੇਰ ਇਨ੍ਹਾਂ ਮਜ਼ਦੂਰਾਂ ਨੁੰ ਕੰਮ ਤੇ ਨਹੀਂ ਰੱਖਣਗੇ ਜਿੰਨੀ ਦੇਰ ਤੱਕ ਇੰਨ੍ਹਾਂ ਦੀ ਸੂਚਨਾਂ, ਨਾਮ, ਪਤਾ, ਠਿਕਾਣਾ ਨੇੜੇ ਦੇ ਪੁਲਿਸ ਥਾਣੇ ਵਿੱਚ ਨਹੀਂ ਦਿੰਦੇ। ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰਫਾਰਮੇ ਵਿੱਚ ਪ੍ਰਵਾਸੀ ਮਜਦੂਰਾਂ ਬਾਰੇ ਸੂਚਨਾਂ ਇਕੱਤਰ ਕਰਕੇ, ਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਿਸ ਸਟੇਸ਼ਨਾਂ ਵਿੱਚ ਦੇਣਗੇ ਤੇ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖਾਹ ਵਿੱਚੋਂ ਕੁਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ।

          ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲੱਗਦੀ ਜਗ੍ਹਾਂ ਤੇ ਨਜਾਇਜ਼ ਕਬਜੇ ਨਾ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਬਗੈਰ ਸਮੱਰਥ ਅਥਾਰਟੀ ਦੀ ਮਨਜੂਰੀ ਦੇ ਟ੍ਰੈਵਲ ਏਜੰਟ, ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀਜ, ਟਿਕਟਿੰਗ ਏਜੰਟਸ ਅਤੇ ਜਨਰਲ ਸੇਲ ਏਜੰਟ ਦਾ ਕੰਮ ਕਰਨ ਤੇ ਪਾਬੰਦੀ ਲਗਾਈ ਹੈ।

            ਜ਼ਿਲ੍ਹਾ ਮੈਜਿਸਟ੍ਰੇਟ ਸ੍ਰ: ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅਣ-ਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪ੍ਰੈਸ ਸ਼ਬਦ ਦੀ ਵਰਤੋਂ ਪੱਤਰਕਾਰਾਂ ਤੋਂ ਇਲਾਵਾ ਆਮ ਲੋਕਾਂ ਅਤੇ ਗੈਰ ਸਮਾਜਿਕ ਤੱਤਵਾਂ ਵੱਲੋਂ ਕੀਤੇ ਜਾਣ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।  ਪ੍ਰੈਸ ਸ਼ਬਦ ਦੀ ਵਰਤੋਂ ਕੇਵਲ ਐਕਰੀਡੇਟਿਡ ਪ੍ਰਿੰਟ ਅਤੇ ਮੀਡੀਆ ਨਾਲ ਸਬੰਧਿਤ ਪੱਤਰਕਾਰ ਹੀ ਆਪਣੀਆਂ ਗੱਡੀਆਂ ਤੇ ਕਰ ਸਕਦੇ ਹਨ। ਇਹ ਸਾਰੇ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here