ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 11 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਵਾਧਾ

ਹੁਸ਼ਿਆਰਪੁਰ, 2 ਮਈ: ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਹੁਸ਼ਿਆਰਪੁਰ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 11031 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫਤਾਵਾਰੀ ਮੀਟਿੰਗ ‘ਚ ਨਵੇਂ ਦਾਖਲਿਆਂ ਸਬੰਧੀ ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.)  ਅਤੇ ਇੰਜੀ. ਸੰਜੀਵ ਗੌਤਮ  ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.)  ਨਾਲ ਵਿਸਥਾਰ ‘ਚ ਵਿਚਾਰ ਚਰਚਾ ਕੀਤੀ ਗਈ।

Advertisements

ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸ਼ੈਸ਼ਨ ਦੇ ਪਹਿਲੇ ਮਹੀਨੇ (ਅਪ੍ਰੈਲ 2021) ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 159377  ਵਿਦਿਆਰਥੀ ਦਾਖਲ ਹੋ ਚੁੱਕੇ ਹਨ, ਜਦੋਂ ਕਿ ਪਿਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 148346  ਸੀ। ਇਸ ਤਰ੍ਹਾਂ ਐਲ.ਕੇ.ਜੀ. ਤੋਂ ਲੈ ਕੇ 12ਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ਨਾਲੋਂ 11031 ਵਿਦਿਆਰਥੀ ਵੱਧ ਦਾਖਲ ਹੋ ਚੁੱਕੇ ਹਨ। ਜਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲਾਂ ‘ਚ ਪਿਛਲੇ ਵਰ੍ਹੇ 78761 ਵਿਦਿਆਰਥੀ ਦਾਖਲ ਸਨ ਤੇ ਇਸ ਵਾਰ 84933 ਬੱਚੇ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਸੈਕੰਡਰੀ ਵਿੰਗ ‘ਚ ਵਿਦਿਆਰਥੀਆਂ ਦਾ ਵਾਧਾ 7.84 ਫੀਸਦੀ ਹੋ ਚੁੱਕਿਆ ਹੈ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ‘ਚ 69585 ਬੱਚੇ ਪੜ੍ਹਦੇ ਸਨ ਤੇ ਇਸ ਵਾਰ 74444 ਵਿਦਿਆਰਥੀ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰਾਇਮਰੀ ਵਿੰਗ ‘ਚ 6.52 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ‘ਚ 8430 ਬੱਚੇ ਦਾਖਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਰੂਪ ਵਿੱਚ 10.15 ਫ਼ੀਸਦੀ ਦੇ ਵਾਧੇ ਨਾਲ ਜਿਲ੍ਹੇ ਵਿੱਚ ਬਲਾਕ ਦਸੂਹਾ-1 ਪਹਿਲੇ ਸਥਾਨ ਤੇ ਚਲ ਰਿਹਾ ਹੈ ਜਦਕਿ ਬਲਾਕ ਹੁਸ਼ਿਆਰਪੁਰ-1-ਏ ਦੂਸਰੇ ਅਤੇ ਬਲਾਕ ਬੁੱਲ੍ਹੋਵਾਲ ਤੀਜੇ ਸਥਾਨ ਤੇ ਚਲ ਰਹੇ ਹਨ।

ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਲਗਾਤਾਰ ਦੂਸਰੇ ਸਾਲ ਹੋਏ ਵੱਡੇ ਵਾਧੇ ਬਾਰੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਗੁਰਸ਼ਰਨ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਵਾਰ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਹੋਈ ਹੈ। ਵਿਭਾਗ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਿਖਾਉਣ ਲਈ ‘ਸਕੂਲ ਦਰਸ਼ਨ’ ਪ੍ਰੋਗਰਾਮ ਵੀ ਚਲਾਇਆ ਹੋਇਆ ਹੈ।ਇਸ ਮੁਹਿੰਮ ਸਦਕਾ ਹੀ ਨਿੱਜੀ ਸਕੂਲਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ‘ਚ ਦਾਖਲਾ ਲੈ ਚੁੱਕੇ ਹਨ ਅਤੇ ਇਹ ਸਿਲਸਿਲਾ ਅਜੇ ਚੱਲ ਰਿਹਾ ਹੈ।

LEAVE A REPLY

Please enter your comment!
Please enter your name here