ਸਰਕਾਰੀ ਸਕੂਲਾਂ ‘ਚ 2921 ਵਿਦਿਆਰਥੀਆਂ ਦਾ ਵਾਧਾ, ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ

ਪਠਾਨਕੋਟ, 2 ਮਈ 2021: ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਪਠਾਨਕੋਟ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 2921 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫਤਾਵਾਰੀ ਮੀਟਿੰਗ ‘ਚ ਨਵੇਂ ਦਾਖਲਿਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਸਲਾਰੀਆ,  ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨਾਲ ਵਿਸਥਾਰ ‘ਚ ਵਿਚਾਰ ਚਰਚਾ ਕੀਤੀ ਗਈ।

Advertisements

ਜਿਕਰਯੋਗ ਹੈ ਕਿ ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸ਼ੈਸ਼ਨ ਦੇ ਪਹਿਲੇ ਮਹੀਨੇ (ਅਪ੍ਰੈਲ 2021) ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 56574  ਵਿਦਿਆਰਥੀ ਦਾਖਲ ਹੋ ਚੁੱਕੇ ਹਨ, ਜਦੋਂ ਕਿ ਪਿਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 53653  ਸੀ। ਇਸ ਤਰ੍ਹਾਂ ਐਲ.ਕੇ.ਜੀ. ਤੋਂ ਲੈ ਕੇ 12ਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ਨਾਲੋਂ 2921 ਵਿਦਿਆਰਥੀ ਵੱਧ ਦਾਖਲ ਹੋ ਚੁੱਕੇ ਹਨ। ਜਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲਾਂ ‘ਚ ਪਿਛਲੇ ਵਰ੍ਹੇ 32787 ਵਿਦਿਆਰਥੀ ਦਾਖਲ ਸਨ ਤੇ ਇਸ ਵਾਰ 34122 ਬੱਚੇ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਸੈਕੰਡਰੀ ਵਿੰਗ ‘ਚ ਵਿਦਿਆਰਥੀਆਂ ਦਾ ਵਾਧਾ 4.07 ਫੀਸਦੀ ਹੋ ਚੁੱਕਿਆ ਹੈ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ‘ਚ 15290 ਬੱਚੇ ਪੜ੍ਹਦੇ ਸਨ ਤੇ ਇਸ ਵਾਰ 16794 ਵਿਦਿਆਰਥੀ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰਾਇਮਰੀ ਵਿੰਗ ‘ਚ 9.84 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਪਿਛਲੇ ਸ਼ੈਸ਼ਨ ‘ਚ 5576 ਬੱਚੇ ਸਨ ਤੇ ਇਸ ਵਾਰ 1.47 ਫੀਸਦੀ ਵਾਧੇ ਨਾਲ 5658 ਬੱਚੇ ਦਾਖਲ ਹੋ ਚੁੱਕੇ ਹਨ।

ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਲਗਾਤਾਰ ਦੂਸਰੇ ਸਾਲ ਹੋਏ ਵੱਡੇ ਵਾਧੇ ਬਾਰੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਸਲਾਰੀਆ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਵਾਰ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਹੋਈ ਹੈ। ਵਿਭਾਗ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਿਖਾਉਣ ਲਈ ‘ਸਕੂਲ ਦਰਸ਼ਨ’ ਪ੍ਰੋਗਰਾਮ ਵੀ ਚਲਾਇਆ ਹੋਇਆ ਹੈ। ਇਸ ਮੌਕੇ ਤੇ ਜਿਲ੍ਹਾ ਐਮਆਈਐਸ ਕੋਆਰਡੀਨੇਟਰ ਮੁਨੀਸ ਗੁਪਤਾ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਬਿ੍ਰਜ ਰਾਜ ਕੰਪਿਊਟਰ ਫੈਕਲਟੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here