‘ਸਮਾਰਟ ਵਿਲੇਜ ਮੁਹਿੰਮ’ ਤਹਿਤ ਪਿੰਡਾਂ ’ਚ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜ: ਭੁੱਲਰ

ਜਲੰਧਰ, 2 ਮਈ: ਪੰਜਾਬ ਸਰਕਾਰ ਦੀ ਸੂਬੇ ਦੇ ਪਿੰਡਾਂ ਦੀ ਵਿਕਾਸ ਪਖੋਂ ਨੁਹਾਰ ਬਦਲਣ ਦੀ ਵਚਨਬੱਧਤਾ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ‘ਸਮਾਰਟ ਵਿਲੇਜ’ ਮੁਹਿੰਮ ਤਹਿਤ ਪਿੰਡਾਂ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸ੍ਰ.ਅਵਤਾਰ ਸਿੰਘ ਭੁੱਲਰ ਨੇ ਬਲਾਕ ਨੂਰਮਹਿਲ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।

Advertisements

ਸ੍ਰ.ਭੁੱਲਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਸਮਾਰਟ ਵਿਲੇਜ’ ਮੁਹਿੰਮ ਤਹਿਤ ਪਿੰਡਾਂ ਵਿੱਚ ਆਧੁਨਿਕ ਤਕਨਾਲੌਜੀ ਦੀ ਵਰਤੋਂ ਕਰਕੇ ਉਚ ਮਿਆਰੀ ਸਟੇਡੀਅਮ, ਪਾਰਕਾਂ, ਸੋਲਰ ਲਾਈਟਾਂ ਅਤੇ ਥਾਪਰ ਟੈਕਨਾਲੌਜੀ ’ਤੇ ਅਧਾਰਿਤ ਛੱਪੜਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ਨਾਲ ਜਿਥੇ ਪਿੰਡਾਂ ਦੀ ਵਿਕਾਸ ਪਖੋਂ ਨੁਹਾਰ ਬਦਲੀ ਜਾ ਰਹੀ ਹੈ, ਉਥੇ ਹੀ ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਸਵੱਛ ਬਣਾਉਣ ਵਿੱਚ ਵੀ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ।

ਇਸ ਮੌਕੇ ਸ੍ਰ.ਭੁੱਲਰ ਨੇ ਬਲਾਕ ਨੂਰਮਹਿਲ ਦੇ ਪਿੰਡ ਸੰਗੇ ਜਾਗੀਰ, ਨਥੇਵਾਲ ਅਤੇ ਸਿੱਧਮ ਹਰੀ ਸਿੰਘ ਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਵਿਕਾਸ ਕਾਰਜਾਂ ਦਾ ਪਿੰਡ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੈ, ਇਸ ਲਈ ਉਚ ਪੱਧਰੀ ਮਿਆਰ ਦੇ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ‘ਸਮਾਰਟ ਵਿਲੇਜ’ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਇਨਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ ਤਾਂ ਜੋ ਹੋਰ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਜਾ ਸਕਣ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਸਪਸ਼ਟ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਬਿਨਾਂ ਵਜ੍ਹਾ ਦੇਰੀ ਅਤੇ ਅਣਗਹਿਲੀ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸ਼ੂਗਰਫੈੱਡ ਅਤੇ ਪਿੰਡ ਦੇ ਸਰਪੰਚ ਅਵਤਾਰ ਸਿੰਘ ਧਾਲੀਵਾਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂਰਮਹਿਲ ਸ੍ਰੀਮਤੀ ਜ਼ੀਨਤ ਖਹਿਰਾ ਅਤੇ ਹੋਰ ਸਬੰਧਿਤ ਪਿੰਡਾਂ ਦੇ ਸਰਪੰਚ ਅਤੇ ਪੰਚ ਤੇ ਮੋਹਤਬਰ ਵਿਅਕਤੀ ਮੌਜੂਦ ਸਨ।

LEAVE A REPLY

Please enter your comment!
Please enter your name here