ਟੀਕਾਕਰਨ ਕੋਵਿਡ ਮਹਾਂਮਾਰੀ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ : ਡਿਪਟੀ ਕਮਿਸ਼ਨਰ

ਜਲੰਧਰ, 4 ਮਈ: ਕੋਵਿਡ ਮਹਾਂਮਾਰੀ ਵਿਰੁੱਧ ਟੀਕਾਕਰਨ ਨੂੰ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲਦੀ ਹੀ ਵਿਆਪਕ ਟੀਕਾਕਰਨ ਮੁਹਿੰਮ ਰਾਹੀਂ ਜਲੰਧਰ ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ਜੰਗ ਜਿੱਤ ਲਵੇਗਾ।

Advertisements

            ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਪੱਤਰਕਾਰਾਂ ਲਈ ਲਗਾਏ ਗਏ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਟੀਕਾਕਰਨ ਦੇ ਮਾਮਲੇ ਵਿੱਚ ਜਲੰਧਰ ਸੂਬੇ ਦਾ ਮੋਹਰੀ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਸਦਕਾ ਪ੍ਰਸ਼ਾਸਨ ਕੋਰੋਨਾ ਕਾਰਨ ਲੋਕਾਂ ਦੀਆਂ ਜਾਨਾਂ ਨੂੰ ਹੋਏ ਨੁਕਸਾਨ ਨੂੰ ਘੱਟ ਕਰਨ ਦੇ ਯੋਗ ਹੋਇਆ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਸਖ਼ਤ ਯਤਨ ਪਹਿਲਾਂ ਹੀ ਜਾਰੀ ਹਨ।

            ਮਹਾਂਮਾਰੀ ਵਿਰੁੱਧ ਲੜਾਈ ਵਿਚ ਪੱਤਰਕਾਰਾਂ ਨੂੰ ਸਿਪਾਹੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਂਮਾਰੀ ਖਿਲਾਫ਼ ਜੰਗ ਵਿੱਚ ਪੱਤਰਕਾਰਾਂ ਵੱਲੋਂ ਨਿਭਾਈ ਸ਼ਾਨਦਾਰ ਭੂਮਿਕਾ ਨੂੰ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ ਨੇ ਪਿਛਲੇ ਸਮੇਂ ਦੌਰਾਨ ਬਹੁਤ ਹੀ ਬਹਾਦਰੀ ਨਾਲ ਮਹਾਂਮਾਰੀ ਵਿਰੁੱਧ ਜੰਗ ਲੜੀ, ਜੋ ਕਿ ਅੱਜ ਤੱਕ ਜਾਰੀ ਹੈ । ਸ਼੍ਰੀ ਥੋਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਇਸ ਨੇਕ ਕੰਮ ਵਿੱਚ ਪੱਤਰਕਾਰਾਂ ਵੱਲੋਂ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਫਰੰਟਲਾਈਨ ਕੋਵਿਡ ਯੋਧਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

            ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਕਟ ਦੀ ਇਸ ਘੜੀ ਵਿਚ ਪੱਤਰਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਇਸ ਮੌਕੇ ਮਹਾਂਮਾਰੀ ਵਿਰੁੱਧ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਵਿੱਚ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੇ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here