ਧਰਨੇ ਲਗਾਉਣ ਵਾਲੇ ਆਪ ਅਤੇ ਅਕਾਲੀ ਆਗੂਆਂ ਵਿਰੁੱਧ ਕੇਸ ਦਰਜ ਕਰਨ ਦੇ ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੇ ਸਮੇਂ ਜਦੋਂ ਲੋਕ ਵਿਆਹਾਂ ਤੇ ਸਸਕਾਰਾਂ ਤੱਕ ਵਿੱਚ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisements


ਆਪ ਦੇ ਕੱਲ੍ਹ ਦੇ ਧਰਨੇ ਨੂੰ ਸੂਬੇ ਵਿੱਚ ਲਾਗੂ ਵੀਕੈਂਡ ਕਰਫਿਊ ਦੀ ਉਲੰਘਣਾ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਧਰਨੇ ਤੇ ਸਿਆਸੀ ਇਕੱਠ ਮਹਾਂਮਾਰੀ ਦੇ ਵੱਡੇ ਪੱਧਰ ਉਤੇ ਫੈਲਾਅ ਦਾ ਕਾਰਨ ਬਣ ਸਕਦੇ ਹਨ ਅਤੇ ਇਨ੍ਹਾਂ ਨਾਲ ਪੁਖ਼ਤਗੀ ਨਾਲ ਨਜਿੱਠਣਾ ਪਵੇਗਾ। ਉਨ੍ਹਾਂ ਡੀ.ਜੀ.ਪੀ. ਨੂੰ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਦੀ ਸਮਾਜ ਪ੍ਰਤੀ ਵਡੇਰੀ ਜ਼ਿੰਮੇਵਾਰੀ ਬਣਦੀ ਹੈ, ਜਿਸ ਨੂੰ ਇਨ੍ਹਾਂ ਪਾਰਟੀਆਂ ਨੇ ਛੱਡ ਦਿੱਤਾ ਹੈ, ਇਸ ਨਾਲ ਪੰਜਾਬ ਦੇ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਸਮਾਂ ਸਿਆਸੀ ਖੇਡਾਂ ਖੇਡਣ ਅਤੇ ਹੋਛੇ ਸਿਆਸੀ ਹਥਕੰਡੇ ਅਪਣਾਉਣ ਦਾ ਨਹੀਂ, ਸਗੋਂ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਇਕੱਠੇ ਮਿਲ ਕੇ ਲੜਨ ਦਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਲਈ ਪਾਬੰਦੀਆਂ ਲਗਾਉਣ ਤੋਂ ਪਹਿਲਾਂ ਹੀ ਉਨ੍ਹਾਂ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਕੋਈ ਸਿਆਸੀ ਇਕੱਠ ਨਹੀਂ ਕਰੇਗੀ।

LEAVE A REPLY

Please enter your comment!
Please enter your name here