ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ‘ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦੇਣ ਲਈ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਵਿਧਾਇਕ ਅਤੇ ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼ )। ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਭਾਈਚਾਰੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਇਸ ਪ੍ਰਾਪਤੀ ਨੂੰ ਚਿੰਨ੍ਹਿਤ ਕਰਨ ਲਈ ਕਰਵਾਏ ਵਰਚੁਅਲ ਪ੍ਰੋਗਰਾਮ ਵਿਚ ਹਿੱਸਾ ਲੈਂਦਿਆਂ ਵਿਧਾਇਕ ਸੁਸ਼ੀਲ ਰਿੰਕੂ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੂਰੇ ਦੇਸ਼ ਵਿਚ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਇਕ ਉਭਰਦਾ ਰਾਜ ਬਣਾ ਕੇ ਆਪਣਾ ਵਾਅਦਾ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਲਈ ਹਮੇਸ਼ਾ ਅਧਿਆਪਕਾਂ ਦਾ ਕਰਜ਼ਦਾਰ ਰਹੇਗਾ।

Advertisements

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਦੇਸ਼ੀ ਭਾਸ਼ਾ ਨੂੰ ਵਿਕਲਪਿਕ ਵਿਸ਼ੇ ਵਜੋਂ ਪੇਸ਼ ਕਰਨ ਵਾਸਤੇ ਇਕ ਪ੍ਰੋਗਰਾਮ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਦਿੱਤੇ ਨਿਰਦੇਸ਼ਾਂ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਕੋਰਸ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾਵਾਂ ਸਿੱਖ ਕੇ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਬਣਾਏਗਾ ਅਤੇ ਉਨ੍ਹਾਂ ਦੇ ਕੈਰੀਅਰ ਨੂੰ ਬਣਾਉਣ ਵਿਚ ਵੀ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਸਮਾਰਟ ਸਕੂਲ, ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ, ਨਵੇਂ ਕਲਾਸ ਰੂਮਾਂ ਦੀ ਉਸਾਰੀ ਅਤੇ ਦਾਖਲਾ ਵਧਾਉਣਾ ਆਦਿ ਸ਼ਾਮਲ ਹਨ, ਜਿਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਹ ਪੱਧਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰਾਮਪਾਲ, ਯੂਥ ਕਾਂਗਰਸੀ ਆਗੂ ਅੰਗਦ ਦੱਤਾ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here