
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਸੰਸਦ ਮੈਂਬਰ, ਰਾਜ ਸਭਾ ਨੇ ਅੱਜ ਗੜ੍ਹਸ਼ੰਕਰ ਕੋਰਟ ਕੰਪਲੈਕਸ ਵਿਖੇ ਵਕੀਲਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਾਨੂੰਨੀ ਸੈੱਲ ਦੇ ਕੋ-ਚੇਅਰਮੈਨ ਪੰਕਜ ਕ੍ਰਿਪਾਲ ਐਡਵੋਕੇਟ ਦੇ ਚੈਂਬਰ ਵਿੱਚ ਪ੍ਰੈਸ ਨੂੰ ਮਿਲਦੇ ਹੋਏ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਵਿੱਚ 400 ਕਰੋੜ ਰੁਪਏ ਦਾ ਘੁਟਾਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ’ਤੇ ਦੋਸ਼ ਲਗਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ’ ਤੇ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ, ਮੌਜੂਦਾ ਪੰਜਾਬ ਸਰਕਾਰ ਅਤੇ ਪਿਛਲੇ ਰਾਜ ਦੀ ਅਕਾਲੀ-ਭਾਜਪਾ ਸਰਕਾਰ ਬਰਾਬਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਹੋਣੀ ਚਾਹੀਦੀ ਹੈ। ਸ਼ਸ਼ੇਰ ਸਿੰਘ ਦੂਲੋ ਨੇ ਅੱਗੇ ਕਿਹਾ ਕਿ ਇਸ ਵਾਰ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਸ ਵਾਰ ਪੰਜਾਬ ਵਿੱਚ ਦਲਿਤ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ ਸਿਰਫ ਇੱਕ ਚੋਣ ਸਟੰਟ ਹੈ।

ਅਕਾਲੀ-ਬਸਪਾ ਸਮਝੌਤੇ ਬਾਰੇ ਬੋਲਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕਿਸਾਨ ਅੰਦੋਲਨ ਕਾਰਨ ਅਕਾਲੀ ਦਲ ਸੂਬੇ ਵਿੱਚ ਕਮਜ਼ੋਰ ਹੋ ਗਿਆ ਹੈ, ਜਿਸ ਕਾਰਨ ਅਕਾਲੀ ਦਲ ਨੂੰ ਬਸਪਾ ਦੀਆਂ ਬੈਸਾਖੀਆਂ ਦੀ ਜਰੂਰਤ ਪਈ ਹੈ| ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੀ ਵਿਚਾਰਧਾਰਾ ਵਿੱਚ ਜਮੀਨ ਅਸਮਾਨ ਦਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਬਸਪਾ ਗਠਜੋੜ ਨੂੰ ਮੂੰਹ ਨਹੀਂ ਲਗਾਉਣਗੇ| ਕਿਸਾਨ ਅੰਦੋਲਨ ਬਾਰੇ ਬੋਲਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਕਰਨਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਬਦਕਿਸਮਤੀ ਹੈ ਕਿ ਜਿਹੜੇ ਲੋਕ ਦਿੱਲੀ ਵਿੱਚ ਬੈਠੇ ਖੇਤੀਬਾੜੀ ਕਾਨੂੰਨ ਬਣਾਉਂਦੇ ਹਨ, ਉਨ੍ਹਾਂ ਨੂੰ ਖੇਤੀਬਾੜੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਣਵ ਕ੍ਰਿਪਾਲ ਬੁਲਾਰਾ ਪੰਜਾਬ ਪ੍ਰਦੇਸ਼ ਯੂਥ ਕਾਂਗਰਸ, ਸ਼ਸ਼ੀ ਕੁਮਾਰ, ਰਾਮ ਨਾਥ ਰਾਏ, ਪਵਨ ਕੁਮਾਰ ਰਾਏ, ਹਰਮੇਸ਼ ਆਜ਼ਾਦ, ਨਰੇਸ਼ ਕੁਮਾਰ ਭੱਟੀ, ਆਦਿ ਵਕੀਲ ਹਾਜ਼ਰ ਸਨ।












