ਜਲੰਧਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕੱਢੀ ਸਾਈਕਲ ਰੈਲੀ

ਜਲੰਧਰ 26 ਜੂਨ: ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਡਾਇਰੈਕਟਰ ਜਨਰਲ ਪੁਲਿਸ ਸ਼੍ਰੀ ਦਿਨਕਰ ਗੁਪਤਾ ਦੇ ਦਿਸ਼ਾਂ-ਨਿਰਦੇਸ਼ਾਂ ‘ਤੇ ਐਸ.ਐਸ.ਪੀ. ਸ਼੍ਰੀ ਨਵੀਨ ਸਿੰਗਲਾ ਦੀ ਅਗਵਾਈ ਵਿੱਚ ਸਵੇਰੇ 6 ਵਜੇ ਕਰਤਾਰਪੁਰ ਵਿਖੇ ਸਾਈਕਲ ਰੈਲੀ ਕੱਢੀ ਗਈ, ਜਿਸ ਵਿੱਚ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਮੈਂਬਰਾਂ ਤੋਂ ਇਲਾਵਾ ਹਰ ਉਮਰ ਵਰਗ ਦੇ ਵੱਡੀ ਗਿਣਤੀ ਸਾਈਕਲ ਸਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐਸ.ਐਸ.ਪੀ. ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਉਦੇਸ਼ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਸਾਨੂੰ ਨਸ਼ੇ ਦਾ ਵਿਰੋਧ ਕਰਨਾ ਚਾਹੀਦਾ ਹੈ, ਨਸ਼ਾ ਪੀੜਤਾਂ ਦਾ ਨਹੀਂ। ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾ ਕੇ ਸਾਨੂੰ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਹੋਣ ਵਿਚ ਮਦਦ ਕਰਨੀ ਚਾਹੀਦੀ ਹੈ।

Advertisements

ਐਸ.ਐਸ.ਪੀ. ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਉਣ ਸਬੰਧੀ ਚਲਾਈ ਗਈ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 15 ਜੁਲਾਈ 2021 ਤੋਂ 25 ਜੁਲਾਈ 2021 ਤੱਕ ਜਿਥੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 9 ਮੁਕੱਦਮੇ ਦਰਜ ਕੀਤੇ ਗਏ ਹਨ ਉਥੇ ਜ਼ਿਲ੍ਹਾ ਪੁਲਿਸ ਸਾਂਝ ਕੇਂਦਰਾਂ ਵੱਲੋਂ, ਮੁਹੱਲਿਆਂ, ਕਲੱਬਾਂ, ਪੰਚਾਇਤਾਂ, ਵਹੀਕਲ ਯੂਨੀਅਨਾਂ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਅਤੇ ਲੈਕਚਰ ਕੀਤੇ ਗਏ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ । ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨਣ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਇਕੱਠ ਨਾਂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਨੂੰ ‘ਜ਼ਿੰਦਗੀ ਨੂੰ ਹਾਂ ਅਤੇ ਨਸ਼ੇ ਨੂੰ ਨਾਂਹ’ ਕਹਿਣ ਦਾ ਸੰਦੇਸ਼ ਦਿੰਦਿਆਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਵੇਚਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਸਬੰਧੀ ਆਪਣੇ ਹਲਕਾ ਅਫ਼ਸਰ ਜਾਂ ਉਨ੍ਹਾਂ ਦੇ ਮੋਬਾਇਲ ਨੰਬਰ 97798-85557 ‘ਤੇ ਸੂਚਨਾ ਦੇ ਸਕਦੇ ਹਨ, ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।ਸਾਈਕਲ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਕਰਤਾਰਪੁਰ ਸ਼ਹਿਰ ਦੇ ਐਮ.ਸੀ, ਬਲਾਕ ਪ੍ਰਧਾਨ, ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾ ਅਤੇ ਬੱਚਿਆਂ ਨੇ ਵੀ ਭਾਗ ਲਿਆ। ਇਸ ਮੌਕਾ ਸੁਰਿੰਦਰ ਕੁਮਾਰ ਐਮ.ਸੀ, ਤੇਜਪਾਲ ਸਿੰਘ ਐਮ.ਸੀ, ਉਕਾਰ ਸਿੰਘ ਐਮ.ਸੀ, ਵੇਦ ਪ੍ਰਕਾਸ਼ ਸਿਟੀ ਪ੍ਰਧਾਨ ਅਤੇ ਗੋਪਾਲ ਸੂਦ ਬਲਾਕ ਪ੍ਰਧਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here