ਜ਼ਿਲ੍ਹੇ ਵਿਚ 12 ਤੋਂ 20 ਜੁਲਾਈ ਤੱਕ ਮਨਾਇਆ ਜਾਵੇਗਾ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 12 ਜੁਲਾਈ ਤੋਂ 20 ਜੁਲਾਈ (ਸਿਵਾਏ 17 ਅਤੇ 18 ਜੁਲਾਈ )ਤੱਕ ਮਨਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ ਮੰਡਲ ਮੈਜਿਸਟ੍ਰੇਟ,(ਫ਼ਿਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ) ਸਿਵਲ ਸਰਜਨ ਫ਼ਿਰੋਜ਼ਪੁਰ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਫ਼ਿਰੋਜ਼ਪੁਰ, ਸਹਾਇਕ ਡਾਇਰੈਕਟਰ ਆਫ਼ ਫੈਕਟਰੀਜ਼ ਫ਼ਿਰੋਜ਼ਪੁਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ), ਸਹਾਇਕ ਕਿਰਤ ਕਮਿਸ਼ਨਰ ਫ਼ਿਰੋਜ਼ਪੁਰ, ਕਿਰਤ ਇੰਸਪੈਕਟਰ ਗ੍ਰੇਡ-1 ਫ਼ਿਰੋਜ਼ਪੁਰ ਅਤੇ ਲੇਬਰ ਇਨਫੋਰਸਮੈਂਟ ਅਫ਼ਸਰ ਗ੍ਰੇਡ-2 ਜ਼ੀਰਾ, ਚਾਈਲਡ ਲਾਈਨ ਐਨ.ਜੀ.ਓ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸਬੰਧਿਤ ਸਬ ਡਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿਚ ਹਫ਼ਤੇ ਦੌਰਾਨ ਚੈਕਿੰਗ ਕਰ ਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ, ਫ਼ਿਰੋਜ਼ਪੁਰ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ ਵੱਲੋਂ ਇਹ ਰਿਪੋਰਟਾਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਸਰਕਾਰ ਨੂੰ ਭਿਜਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਿਤ ਵਿਭਾਗ ਦੀ ਜ਼ੁੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੱਥੇ ਬਾਲ ਮਜ਼ਦੂਰੀ ਖ਼ਤਮ ਕਰਕੇ ਬੱਚਿਆਂ ਨੂੰ ਸਰੀਰਕ, ਮਾਨਸਿਕ ਪੱਖੋਂ ਤੰਦਰੁਸਤ ਬਣਾਉਣਾ ਹੈ, ਉੱਥੇ ਹੀ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜਾਗਰੂਕ ਕਰਨਾ ਵੀ ਹੈ।

 ਉਨ੍ਹਾਂ ਅੱਗੇ ਦੱਸਿਆਂ ਕਿ ਇਹ ਟੀਮਾਂ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ ਦੌਰਾਨ ਵੱਖ-ਵੱਖ ਵਪਾਰਕ ਅਦਾਰਿਆਂ, ਘਰੇਲੂ ਕੰਮਾਂ ਵਿਚ ਲੱਗੇ ਬਾਲ ਕਿਰਤੀਆਂ ਆਦਿ ਦੀ ਵਿਸ਼ੇਸ਼ ਪੜਤਾਲ ਮੁਹਿੰਮ ਚਲਾ ਕੇ ਬਾਲ ਮਜ਼ਦੂਰਾਂ ਦੀ ਸ਼ਨਾਖ਼ਤ ਕਰਨਗੇ, ਅਤੇ ਉਨ੍ਹਾਂ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕਰਵਾ ਕੇ ਜਾਂ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਸੌਂਪਣਗੇ ਜਾਂ ਜਿਨ੍ਹਾਂ ਬੱਚਿਆਂ ਦੇ ਮਾਪੇ ਨਹੀਂ ਹੋਣਗੇ, ਉਨ੍ਹਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਿਰੋਜ਼ਪੁਰ ਨੂੰ ਬਾਲ ਘਰਾਂ ਵਿਚ ਭੇਜਣ ਲਈ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਬਾਲ ਮਜ਼ਦੂਰ ਤੋਂ ਜ਼ਬਰਦਸਤੀ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਮਜ਼ਦੂਰਾਂ ਦੇ ਹੱਕਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ, ਚਾਹੇ ਉਹ ਕਿਸੇ ਵੀ ਕਾਰੋਬਾਰ ਵਿਚ ਕੰਮ ਕਰਦੇ ਹੋਣ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਬਾਲ ਮਜ਼ਦੂਰ ਤੋਂ ਜ਼ਬਰਦਸਤੀ ਕੰਮ ਲੈਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਵੇ ਤਾਂ ਉਹ ਤੁਰੰਤ ਸਬੰਧਿਤ ਸਬ ਡਵੀਜ਼ਨ ਮੈਜਿਸਟ੍ਰੇਟ ਨਾਲ ਸੰਪਰਕ ਕਰਨ।

LEAVE A REPLY

Please enter your comment!
Please enter your name here