ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਬਦੌਲਤ ਕਾਰਤਿਕ ਦਾ ਚੰਗੀ ਨੌਕਰੀ ਕਰਨ ਦਾ ਸੁਪਨਾ ਹੋਇਆ ਸਾਕਾਰ

ਜਲੰਧਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਜਿਥੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਵਿੱਚ ਵੀ ਮਹੱਤਵਪੂਰਨ ਭੁਮਿਕਾ ਅਦਾ ਕੀਤੀ ਜਾ ਰਹੀ ਹੈ।ਇਸ ਸਬੰਧੀ ਜਲੰਧਰ ਦੇ ਰਹਿਣ ਵਾਲੇ ਕਾਰਤਿਕ ਪੁੱਤਰ ਗੁਰਚਰਨ ਦਾਸ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿੱਚ ਪੰਜ ਮੈਂਬਰ ਹਨ ਅਤੇ ਉਸ ਦੇ ਪਿਤਾ ਪਿਛਲੇ ਸੱਤ ਸਾਲਾਂ ਤੋਂ ਬੀਮਾਰ ਹਨ। ਉਸ ਨੇ ਦੱਸਿਆ ਕਿ ਉਹ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਇਕ ਬੈਂਕ ਵਿੱਚ ਕਾਊਂਸਲਰ ਦੀ ਨੌਕਰੀ ਕਰ ਰਿਹਾ ਸੀ ਅਤੇ ਕਾਫੀ ਸਮੇਂ ਤੋਂ ਆਪਣੀ ਯੋਗਤਾ ਦੇ ਮੁਤਾਬਕ ਚੰਗੀ ਨੌਕਰੀ ਦੀ ਤਲਾਸ਼ ਰਿਹਾ ਸੀ ਤਾਂ ਜੋ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾ ਸਕੇ।

Advertisements

 ਉਸ ਨੇ ਦੱਸਿਆ ਕਿ ਆਪਣੇ ਇਕ ਸਹਿ-ਕਰਮੀ ਵੱਲੋਂ ਜਾਣਕਾਰੀ ਦੇਣ ‘ਤੇ ਉਸ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕੀਤੀ, ਜਿਥੇ ਉਸ ਦੀ ਰਜਿਸਟਰੇਸ਼ਨ ਕਰਨ ਤੋਂ ਬਾਅਦ ਪਲੇਸਮੈਂਟ ਅਫ਼ਸਰ ਨੇ ਉਸ ਨੂੰ ਆਈ.ਸੀ.ਆਈ.ਸੀ.ਆਈ. ਬੈਂਕ ਵਿੱਚ ਸੀਨੀਅਰ ਅਫ਼ਸਰ ਦੀ ਨੌਕਰੀ ਬਾਰੇ ਜਾਣਕਾਰੀ ਦਿੱਤੀ। ਕਾਰਤਿਕ ਨੇ ਦੱਸਿਆ ਕਿ ਉਸ ਨੇ ਇਸ ਅਹੁਦੇ ਲਈ ਚੋਣ ਪ੍ਰੀਕਿਰਿਆ ਵਿੱਚ ਹਿੱਸਾ ਲਿਆ, ਜਿਸ ਤੋਂ ਬਾਅਦ ਬੈਂਕ ਨੇ 2.40 ਲੱਖ ਸਾਲਾਨਾ ਤਨਖਾਹ ‘ਤੇ ਉਸ ਦੀ ਸੀਨੀਅਰ ਅਫ਼ਸਰ ਦੇ ਅਹੁਦੇ ਲਈ ਚੋਣ ਕਰ ਲਈ ।ਉਸ ਨੇ ਕਿਹਾ ” ਹੁਣ ਮੇਰੀ ਟਰੇਨਿੰਗ ਚੱਲ ਰਹੀ ਹੈ ਅਤੇ ਸਿਖਲਾਈ ਪੂਰੀ ਹੋਣ ਤੋਂ ਬਾਅਦ ਮੈਂ ਸੀਨੀਅਰ ਅਫ਼ਸਰ ਦੇ ਅਹੁਦੇ ‘ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗਾ।”  ਉਸ ਨੇ ਕਿਹਾ, ”ਬਿਊਰੋ ਦੀ ਬਦੌਲਤ ਮੈਨੂੰ ਆਪਣੀ ਯੋਗਤਾ ਦੇ ਮੁਤਾਬਕ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ, ਜਿਸ ਸਦਕਾ ਹੁਣ ਮੈਂ ਆਪਣੇ ਪਰਿਵਾਰ ਦੀ ਆਰਥਿਕਤਾ ਵਿੱਚ ਮਦਦ ਕਰ ਸਕਾਂਗਾ। ”

  ਉਸ ਨੇ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ, ”ਮੈਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਮੈਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦੇ ਸਮਰੱਥ ਬਣਾਇਆ ।”ਉਸ ਨੇ ਸਮੂਹ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਨਿਰਭਰ ਬਣਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਬਿਊਰੋ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here