5 ਦਿਨਾਂ ਜਾਗਰੂਕਤਾ ਮੁਹਿੰਮ ਦੇ ਤਹਿਤ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਕੋਰੋਨਾ ਵਾਇਰਸ ਵਰਗੀ ਗੰਭੀਰ ਬੀਮਾਰੀ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਉਥੇ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਮੁਫ਼ਤ ਵੈਕਸੀਨੇਸ਼ਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉੱਤੇ ਅਭਿਆਨ ਦਾ ਆਗਾਜ਼ ਕੀਤਾ ਜਾ ਚੁੱਕਿਆ ਹੈ। ਇਸੇ ਲੜੀ ਦੇ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਫਿਰੋਜ਼ਪੁਰ ਵਿਚ ਮੋਬਾਇਲ ਵੈਨ ਜ਼ਰੀਏ ਕੋਵਿਡ-19 ਵੈਕਸੀਨੇਸ਼ਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਅਭਿਆਨ ਦੇ ਪਹਿਲੇ ਦਿਨ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਰਾਜਿੰਦਰ ਅਰੋੜਾ ਅਤੇ ਐੱਸ.ਐਮ.ਓ. ਭੁਪਿੰਦਰਜੀਤ ਕੌਰ ਵੀ ਮੌਜੂਦ ਰਹੇ।   

Advertisements

ਇਸ ਮੌਕੇ ਡਿਪਟੀ ਕਮਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਘਰ ਬੈਠੇ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦਾ ਵੱਡੇ ਪੱਧਰ ਉੱਤੇ ਘਰੋਂ ਨਿਕਲਣਾ ਸੁਰੱਖਿਅਤ ਨਹੀਂ ਹੈ, ਅਜਿਹੇ ਵਿਚ ਸਰਕਾਰ ਵੱਲੋਂ ਘਰ ਬੈਠੇ ਹੀ ਲੋਕਾਂ ਨੂੰ ਬਿਮਾਰੀ ਬਾਰੇ ਜਾਣਕਾਰੀ ਦੇਣਾ ਇੱਕ ਚੰਗਾ ਕਦਮ ਹੈ। ਉਨ੍ਹਾਂ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਜ਼ਰੀਏ ਪੇਂਡੂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਸਣੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਵਿਚ ਕਾਫੀ ਮਦਦ ਮਿਲੇਗੀ। ਉਨ੍ਹਾਂ ਲੋਕਾਂ ਨੂੰ ਖੁਦ ਪਹਿਲ ਕਰਕੇ ਟੀਕਾਕਰਣ ਕਰਵਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਇਹ ਅਭਿਆਨ ਮੁੱਢਲੇ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਈ.ਬੀ. ਮਿਨੀਸਟਰੀ ਦੇ ਅਧਿਕਾਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਸੱਭ ਤੋਂ ਪਹਿਲੀ ਪ੍ਰਾਥਮਿਕਤਾ ਦੇਸ਼ ਦੇ ਲੋਕਾਂ ਦੀ ਸਿਹਤ ਹੈ ਅਤੇ ਇਸੇ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਵੱਡੇ ਪੱਧਰ ‘ ਤੇ ਜਾਗਰੂਕਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉੱਤੇ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਟੀ.ਵੀ., ਰੇਡੀਓ ਅਤੇ ਹੋਰ ਸੰਚਾਰ ਦੇ ਸਾਧਨਾਂ ਤੋਂ ਇਲਾਵਾ ਜ਼ਮੀਨੀ ਪੱਧਰ ਉੱਤੇ ਗਲੀ-ਮੁਹੱਲਿਆਂ ਵਿੱਚ ਜਾ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ ਸਪੈਸ਼ਲ ਡਰਾਈਵ ਦੇ ਤਹਿਤ ਆਯੋਜਿਤ ਕੀਤੀ ਜਾ ਰਹੀ ਦੋ ਦਿਨਾਂ ਫਰੀ ਵੈਕਸੀਨੇਸ਼ਨ ਡਰਾਈਵ ਨੂੰ ਲੈ ਕੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਨੇ ਪਹਿਲੇ ਦਿਨ ਵੱਡੇ ਪੱਧਰ ਉੱਤੇ ਕੁੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾ ਕੇ ਮੁਫ਼ਤ ਟੀਕਾਕਰਨ ਕਰਵਾਇਆ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਮੁਫ਼ਤ ਟੀਕਾਕਰਣ ਅਭਿਆਨ ਦੀ ਜੰਮ ਕੇ ਸ਼ਲਾਘਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਰਾਜਿੰਦਰ ਅਰੋੜਾ ਨੇ ਕਿਹਾ ਕਿ ਇਲਾਕੇ ਵਿੱਚ ਵੱਡੇ ਪੱਧਰ ਉੱਤੇ ਕੋਵਿਡ-19 ਦੀ ਵੈਕਸੀਨੇਸ਼ਨ ਦਾ ਕੰਮ ਚੱਲ ਰਿਹਾ ਹੈ, ਜਿਸਨੂੰ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਦੇ ਸਹਿਯੋਗ ਨਾਲ ਜੰਗੀ ਪੱਧਰ ਉੱਤੇ ਅੱਗੇ ਵਧਾਇਆ ਜਾ ਰਿਹਾ ਹੈ।

ਉੱਥੇ ਹੀ ਐੱਸ.ਐਮ.ਓ. ਬਲਵਿੰਦਰਜੀਤ ਕੌਰ ਨੇ ਵੀ ਮੰਤਰਾਲੇ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ। ਬਹਿਰਹਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਕੋਰੋਨਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਾਲਾਂਕਿ ਫਿਰੋਜ਼ਪੁਰ ਵਿਚ ਇਹ ਅਭਿਆਨ ਪੰਜ ਦਿਨਾਂ ਲਈ ਚਲੇਗਾ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਸ ਬਿਮਾਰੀ ‘ਤੇ ਪੂਰੀ ਤਰ੍ਹਾਂ ਠੱਲ ਨਹੀਂ ਪਾਈ ਜਾਂਦੀ।

LEAVE A REPLY

Please enter your comment!
Please enter your name here