75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ’ਚ ਲਹਿਰਾਉਣਗੇ ਤਿਰੰਗਾ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।
75ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਹੋਈ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਪਰੇਡ ਕਮਾਂਡਰ ਡੀ.ਐਸ.ਪੀ ਸਤਵੀਰ ਸਿੰਘ ਦੀ ਅਗਵਾਈ ਵਿਚ ਨਿਕਲੇ ਮਾਰਚ ਪਾਸਟ ਤੋਂ ਸਲਾਮੀ ਲਈ। ਫੁੱਲ ਡਰੈਸ ਰਿਹਰਸਲ ਤੋਂ ਬਾਅਦ ਪੁਲਿਸ ਲਾਈਨ ਗਰਾਊਂਡ ਵਿਚ ਹੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਧਿਆਨ ਵਿਚ ਰੱਖਦਿਆਂ ਹਦਾਇਤਾਂ ਮੁਤਾਬਕ ਇਸ ਵਾਰ ਸੁਤੰਤਰਤਾ ਦਿਵਸ ਦਾ ਪ੍ਰੋਗਰਾਮ ਭਾਵੇਂ ਸੰਖੇਪ ਹੀ ਰਹੇਗਾ ਪਰ ਪ੍ਰੋਗਰਾਮ ਲਈ ਉਤਸ਼ਾਹ ਦੀ ਕੋਈ ਕਮੀ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਝਾਕੀਆਂ, ਪੀ.ਟੀ.ਸ਼ੋਅ, ਲੋਕ ਨਾਚ ਗਿੱਧਾ ਤੇ ਭੰਗੜਾ ਅਤੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨਹੀਂ ਹੋਵੇਗੀ। ਸਮਾਗਮ ਦੌਰਾਨ ਪੰਜਾਬ ਪੁਲਿਸ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੀਆਂ ਚਾਰ ਟੁਕੜੀਆਂ ਅਤੇ ਪੰਜਾਬ ਹੋਮਗਾਰਡਜ਼ ਦੀ ਇਕ ਟੁਕੜੀ ਪਰੇਡ ਵਿਚ ਹਿੱਸਾ ਲਵੇਗੀ। ਇਸੇ ਤਰ੍ਹਾਂ ਇਕ ਟੁਕੜੀ ਸਾਬਕਾ ਫੌਜੀਆਂ ਦੀ ਅਤੇ ਸਕਾਊਟਸ ਦੇ ਨਾਲ-ਨਾਲ ਇਕ ਟੁਕੜੀ ਗਰਲਜ਼ ਗਾਈਡਜ਼ ਦੀ ਵੀ ਹੋਵੇਗੀ।

Advertisements


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਮਾਗਮ ਦੌਰਾਨ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਕੋਰੋਨਾ ਕਾਲ ਦੌਰਾਨ ਵਿਲੱਖਣ ਸੇਵਾਵਾਂ ਦੇਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਲੋਕਾਂ, ਜਿਨ੍ਹਾਂ ਨੇ ਕੋਰੋਨਾ ਦੀ ਰੋਕਥਾਮ ਅਤੇ ਟੀਕਾਕਰਨ ਲਈ ਵੱਧ ਚੜ੍ਹ ਕੇ ਕੰਮ ਕੀਤਾ ਹੈ, ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀ/ਕਰਮਚਾਰੀ, ਸਮਾਜਿਕ ਕੰਮਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


  ਹਾਈ ਅਲਰਟ ਕਾਰਨ ਸਖਤ ਹੋਣਗੇ ਸੁਰੱਖਿਆ ਪ੍ਰਬੰਧ: ਐਸ.ਐਸ.ਪੀ. ਨਵਜੋਤ ਸਿੰਘ ਮਾਹਲ

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੂਬੇ ਵਿਚ ਹਾਈ ਅਲਰਟ ਹੋਣ ਕਾਰਨ ਇਸ ਵਾਰ ਸਮਾਗਮ ਦੌਰਾਨ ਸਖਤ ਸੁਰੱਖਿਆ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ 1250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕੇਬੰਦੀ ਰਾਹੀਂ ਚੈਕਿੰਗ ਮੁਹਿੰਮ ਜਾਰੀ ਹੈ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸ਼ੱਕੀ ਚੀਜ਼ ਦਾ ਪਤਾ ਲੱਗਦਾ ਹੈ ਤਾਂ ਉਹ ਇਸ ਸਬੰਧੀ ਫੌਰੀ ਪੁਲਿਸ ਨੂੰ ਜਾਂ ਕੰਟਰੋਲ ਰੂਮ ’ਤੇ ਸੂਚਿਤ ਕਰੇ।

LEAVE A REPLY

Please enter your comment!
Please enter your name here