ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਛੇਤੀ ਮੁਕੰਮਲ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਵਿੱਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਮਾਂਬੱਧ ਸੇਵਾਵਾਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਕੇਸਾਂ ਨੂੰ ਵੀ ਤੁਰੰਤ ਨਿਪਟਾਉਣ ਸਬੰਧੀ ਨਿਰਦੇਸ਼ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਅਤੇ ਖ਼ਾਨਗੀ ਤਕਸੀਮਾਂ ਆਦਿ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਮੀਟਿੰਗ ਦੌਰਾਨ ਜਿੱਥੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ, ਉੱਥੇ ਉਨ੍ਹਾਂ ਕੋਲੋਂ ਕੀਮਤੀ ਸੁਝਾਅ ਵੀ ਲਏ।  ਇਸ ਤੋਂ ਇਲਾਵਾ ਉਨ੍ਹਾਂ ਕਰਜ਼ਾ ਵਸੂਲੀ, ਇੰਤਕਾਲਾਂ ਦੇ ਬਕਾਇਆ ਕੇਸਾਂ, ਗਿਰਦਾਵਰੀਆਂ, ਕੁਰਕੀ ਦੇ ਕੇਸਾਂ ਆਦਿ ਦੀ ਵੀ ਸਮੀਖਿਆ ਕੀਤੀ।

Advertisements

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮੁਕੰਮਲ ਹੋਏ/ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ, ਲਿੰਕ ਰੋਡਜ਼, ਓਵਰ ਬ੍ਰਿਜ, ਸੀਵਰੇਜ, ਪਖਾਨਿਆਂ, ਪੈਨਸ਼ਨਾਂ, ਆਸ਼ੀਰਵਾਦ ਸਕੀਮ, ਡੱਕ ਵੀਡ ਅਤੇ ਰੂਰਲ ਸੈਨੀਟੇਸ਼ਨ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦੀ ਜਮਾਂ ਕਰਾਉਣ ਲਈ ਹਦਾਇਤ ਕੀਤੀ। ਉਨ੍ਹਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਦਿਆਂ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਉਚਿਤ ਸਮੇਂ ਤੇ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿਚ ਚੱਲ ਰਹੇ ਪ੍ਰਾਜੈਕਟ ਅਤੇ ਕੰਸਟਰੱਕਸ਼ਨ ਵਰਕ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਆਖਿਆ।

ਇਸੇ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਸਿਹਤ ਸੋਸਾਇਟੀ, ਸੇਵਾ ਕੇਂਦਰਾਂ ਸਮੇਤ ਹੋਰਾਂ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਤੋਂ ਕੋਵਿਡ19 ਸਬੰਧੀ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਸਬੰਧਿਤ ਵਿਭਾਗ ਤੋਂ ਮੋਜੂਦਾ ਸੀਜਨ ਵਿਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਏ ਡੀ ਸੀ (ਡੀ) ਸ਼ਹਿਰੀ ਲਾਤੀਫ ਅਹਿਕਤ, ਐਸ.ਡੀ.ਐਮ ਫ਼ਿਰੋਜ਼ਪੁਰ ਅਮਰਿੰਦਰ ਸਿੰਘ ਮੱਲੀ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here