ਖੇਤੀ ਮਜ਼ਦੂਰ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫੀ ਇਤਿਹਾਸਕ ਕਦਮ: ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਖੇਤੀ ਮਜ਼ਦੂਰ ਅਤੇ ਬੇਜ਼ਮੀਨੇ ਖੇਤ ਕਾਮਿਆਂ ਲਈ ਕਰਜ਼ਾ ਰਾਹਤ ਸਕੀਮ ਤਹਿਤ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ 285325 ਮੈਂਬਰਾਂ ਦੇ ਕਰੀਬ 520 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਨੂੰ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਇਸ ਰਾਹਤ ਨਾਲ ਇਨ੍ਹਾਂ ਪਰਿਵਾਰਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਹੁਸ਼ਿਆਰਪੁਰ ਦੇ 46565 ਮੈਂਬਰਾਂ ਦੇ ਕਰਜ਼ੇ ਮੁਆਫ਼ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਕਰਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਕੀਤੇ ਜਾ ਰਹੇ ਕਰਜ਼ਿਆਂ ਦੇ ਭੁਗਤਾਨ ਸਬੰਧੀ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਕਰੀਬ 3 ਲੱਖ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦਿਵਾ ਕੇ ਉਨ੍ਹਾਂ ਨੂੰ ਭਵਿੱਖ ਵਿਚ ਨਵਾਂ ਕਰਜ਼ਾ ਲੈਣ ਦੇ ਸਮਰੱਥ ਬਣਾਇਆ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 2019 ਵਿਚ ਸ਼ੁਰੂ ਕੀਤੀ ਇਸ ਸਕੀਮ ਨੂੰ ਅੱਗੇ ਵਧਾਉਂਦਿਆਂ 2.85 ਲੱਖ ਤੋਂ ਵੱਧ ਲਾਭਪਾਤਰੀਆਂ ਦੀ ਕਰਜ਼ਾ ਮੁਆਫ਼ੀ ਕੀਤੀ ਜਾ ਰਹੀ ਹੈ ਜਿਸ ਤਹਿਤ ਜਿਲ੍ਹਾ ਹੁਸ਼ਿਆਰਪੁਰ ਦੇ 46565 ਲਾਭਪਾਤਰੀਆਂ ਦੇ ਕਰਜ਼ੇ ਮੁਆਫ਼ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਇਨ੍ਹਾਂ ਮੈਂਬਰਾਂ ਦੇ 104 ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਜਿਸ ਨਾਲ ਇਨ੍ਹਾਂ ਪਰਿਵਾਰਾਂ ਨੂੰ ਮੌਜੂਦਾ ਸਮੇਂ ਵੱਡੀ ਰਾਹਤ ਮਿਲੇਗੀ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜਦਿਆਂ ਉਨ੍ਹਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਕਰਜਾ ਮੁਆਫ਼ੀ ਸਕੀਮ ਤਹਿਤ ਸਹਿਕਾਰੀ ਅਤੇ ਵਪਾਰਕ ਬੈਂਕਾਂ ਤੋਂ ਕਰਜ਼ਾ ਹਾਸਲ ਕਰ ਚੁੱਕੇ 5.64 ਲੱਖ ਛੋਟੇ ਅਤੇ ਦਰਮਿਆਨੇ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜਾ ਮੁਆਫ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਸੂਬਾ ਸਰਕਾਰ ਵਲੋਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ ਕਰਜ਼ਾ ਮੁਆਫ ਕਰਕੇ ਉਨ੍ਹਾਂ ਨੂੰ ਵੱਡੀ ਵਿੱਤੀ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 8.50 ਲੱਖ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਿਆਂਦਾ ਗਿਆ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਸਬੰਧੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਣ ਤੱਕ 17407 ਛੋਟੇ ਅਤੇ ਦਰਮਿਆਨੇ ਕਿਸਾਨਾਂ ਦਾ 167.19 ਕਰੋੜ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ।

LEAVE A REPLY

Please enter your comment!
Please enter your name here