ਜ਼ਿਲ੍ਹੇ ’ਚ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸ਼ੁਰੂ, 46468 ਲਾਭਪਾਤਰੀਆਂ ਦਾ 103.91 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰ ਬੇਜ਼ਮੀਨੇ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਵਲੋਂ ਕੀਤੀ ਸ਼ੁਰੂਆਤ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਵਿਧਾਇਕ ਇੰਦੂ ਬਾਲਾ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਆਏ 15 ਲਾਭਪਾਤਰੀਆਂ ਨੂੰ ਉਨ੍ਹਾਂ ਦੀ ਕਰਜ਼ਾ ਮੁਆਫੀ ਦੇ ਚੈਕ ਸੌਂਪਦਿਆਂ ਕਿਹਾ ਕਿ ਜ਼ਿਲ੍ਹੇ ਦੇ ਕੁੱਲ 46468 ਲਾਭਪਾਤਰੀਆਂ ਨੂੰ ਆਉਂਦੇ ਦਿਨਾਂ ’ਚ ਕਰਜ਼ਾ ਰਾਹਤ ਦੇ ਚੈਕ ਸੌਂਪ ਦਿੱਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ ਦੀ ਮੁਆਫ਼ੀ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 46468 ਲਾਭਪਾਤਰੀਆਂ ਦਾ 103.91 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਹੋਵੇਗਾ ਜੋ ਕਿ ਪੰਜਾਬ ਵਿਚ ਸਭ ਤੋਂ ਵੱਧ ਰਕਮ ਹੈ। ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਚੈਕ ਸੌਂਪਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਕਿਸਾਨ ਅਤੇ ਖੇਤ ਮਜ਼ਦੂਰ ਬੜੀ ਔਖੀ ਘੜੀ ’ਚੋਂ ਲੰਘ ਰਹੇ ਹਨ ਪਰ ਪੰਜਾਬ ਸਰਕਾਰ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਬਹੁਤ ਵੱਡਾ ਉਪਰਾਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਪਰਿਵਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ।

Advertisements

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਦੇ ਨਾਲ-ਨਾਲ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਜ਼ਿਆਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸਭ ਤੋਂ ਵੱਧ ਰਕਮ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਿੱਸੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤਾ ਇਕ-ਇਕ ਚੋਣ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਜਿਸ ਦਾ ਹਰ ਵਰਗ ਨੂੰ ਭਾਰੀ ਫਾਇਦਾ ਹੋਇਆ ਹੈ।ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਰਾਜ ਸਰਕਾਰ ਨੇ ਜ਼ਿਲ੍ਹੇ ਵਿਚ ਕਿਸਾਨਾਂ, ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤ ਮਜ਼ਦੂਰਾਂ ਦਾ ਲਗਭਗ 271 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ ਜੋ ਕਿ ਲੋਕ ਪੱਖੀ ਅਤੇ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਅੱਜ 104 ਕਰੋੜ ਰੁਪਏ ਦੇ ਕਰੀਬ ਕਰਜ਼ੇ ਮੁਆਫ਼ ਕਰਨ ਤੋਂ ਇਲਾਵਾ ਰਾਜ ਸਰਕਾਰ ਵਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਤਹਿਤ 167 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਟਾਂਡਾ ਹਲਕੇ ਤੋਂ 9720 ਲਾਭਪਾਤਰੀਆਂ ਦੇ 22.37 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਹੋ ਰਹੇ ਹਨ ਅਤੇ ਕੁਝ ਹੀ ਦਿਨਾਂ ਵਿਚ ਸਾਰੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਪੱਤਰ ਸੌਂਪ ਦਿੱਤੇ ਜਾਣਗੇ।

ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ ਨੇ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਵਿਚ ਕਰੀਬ 3 ਲੱਖ ਪਰਿਵਾਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ ਅਤੇ ਉਹ ਮੁੜ ਕਰਜ਼ਾ ਲੈਣ ਦੇ ਯੋਗ ਹੋ ਜਾਣਗੇ। ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਇੰਦੂ ਬਾਲਾ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪ੍ਰੋਗਰਾਮ ਦੌਰਾਨ 15 ਲਾਭਪਾਤਰੀਆਂ ਨੂੰ ਨਿੱਜੀ ਤੌਰ ’ਤੇ ਕਰਜ਼ਾ ਰਾਹਤ ਪ੍ਰਦਾਨ ਕੀਤੀ। ਇਨ੍ਹਾਂ ਲਾਭਪਾਤਰੀਆਂ ਵਿਚ ਪਿੰਡ ਸੰਗੋਕਟਾਰੀਆ ਦੇ ਅਸ਼ਵਨੀ ਕੁਮਾਰ ਅਤੇ ਪਰਮਜੀਤ ਕੌਰ, ਪਿੰਡ ਬਿੱਸੋਚੱਕ ਦੇ ਰਣਜੀਤ ਸਿੰਘ, ਪਿੰਡ ਝਾਂਵਾ ਦੇ ਹਰਬੰਸ ਲਾਲ, ਪਿੰਡ ਮਿਆਣੀ ਦੇ ਲਖਵਿੰਦਰ ਸਿੰਘ, ਚੱਬੇਵਾਲ ਦੇ ਪਿੰਡ ਠੱਕਰਵਾਲ ਦੇ ਰਛਪਾਲ ਸਿੰਘ ਅਤੇ ਸਤੀਸ਼ ਕੁਮਾਰ, ਬਸੀ ਗੁਲਾਮ ਹੂਸੈਨ ਸਲਵਾੜਾ ਤੋਂ ਵਿਜੇ ਕੁਮਾਰ ਅਤੇ ਰਾਕੇਸ਼ ਕੁਮਾਰ, ਪਿੰਡ ਚੱਕ ਸਾਧੂ ਤੋਂ ਓਮ ਪ੍ਰਕਾਸ਼ ਅਤੇ ਰਾਜ ਕੁਮਾਰ, ਪਿੰਡ ਬਜਵਾੜਾ ਤੋਂ ਸਤਵਿੰਦਰ ਸਿੰਘ, ਪਿੰਡ ਧੂਤਕਲਾਂ ਤੋਂ ਭੁਪਿੰਦਰ ਸਿੰਘ, ਕਸ਼ਮੀਰ ਸਿੰਘ, ਜਗਤਾਰ ਸਿੰਘ ਅਤੇ ਬਲਵਿੰਦਰ ਸਿਘ ਸ਼ਾਮਲ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਉਮੇਸ਼ ਕੁਮਾਰ, ਕੇਂਦਰੀ ਸਹਿਕਾਰੀ ਬੈਂਕ ਦੇ ਐਮ.ਡੀ. ਅਮਨਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਮੈਨੇਜਰ ਲਖਵੀਰ ਸਿੰਘ, ਏ.ਆਰ. ਹੁਸ਼ਿਆਰਪੁਰ ਗੁਰਮੀਤ ਕੌਰ, ਏ.ਆਰ. ਮੁਕੇਰੀਆਂ ਲਲਿਤ ਮੋਹਨ, ਏ.ਆਰ. ਦਸੂਹਾ ਦਵਿੰਦਰ, ਏ.ਆਰ. ਗੜ੍ਹਸ਼ੰਕਰ ਰਜਿੰਦਰ ਸਿੰਘ, ਮੈਨੇਜਰ ਸੰਜੀਵ ਕੁਮਾਰ ਅਤੇ ਕੰਵਰਦੀਪ ਸਿੰਘ ਮੌਜੂਦ ਸਨ।
ਹਲਕਾ ਲਾਭਪਤਾਰੀ ਕਰਜ਼ਾ ਰਾਹਤ ਦੀ ਰਕਮ
ਹੁਸ਼ਿਆਰਪੁਰ 1442 28222308.53
ਚੱਬੇਵਾਲ 5585 113819450.00
ਟਾਂਡਾ 9720 223730302.50
ਮੁਕੇਰੀਆਂ 7998 188704617.00
ਸ਼ਾਮਚੁਰਾਸੀ 8258 181746624.00
ਦਸੂਹਾ 7368 167708064.50
ਗੜ੍ਹਸ਼ੰਕਰ 6097 135258923.23

LEAVE A REPLY

Please enter your comment!
Please enter your name here