ਘਰ-ਘਰ ਰੋਜ਼ਗਾਰ ਯੋਜਨਾ ਨੂੰ ਸਫ਼ਲ ਬਣਾਉਣ ਲਈ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਜਾਣ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਅਤੇ ਬੀ.ਡੀ.ਪੀ.ਓਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਮੇਲੇ ਲਗਾ ਕੇ ਘਰ-ਘਰ ਰੋਜ਼ਗਾਰ ਮਿਸ਼ਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਪੇਂਡੂ ਆਬਾਦੀ ਨੂੰ ਰਾਜ ਸਰਕਾਰ ਦੀ ਇਸ ਮਹੱਤਵਪੂਰਨ ਯੋਜਨਾ ਦਾ ਬਰਾਬਰ ਲਾਭ ਦਿਵਾਇਆ ਜਾ ਸਕੇ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ 9 ਤੋਂ 17 ਸਤੰਬਰ, 2021 ਤੱਕ ਜ਼ਿਲ੍ਹੇ ਭਰ ਵਿੱਚ ਲਗਾਏ ਜਾਣ ਵਾਲੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੂੰ 15000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੇਂਡੂ ਲੋਕਾਂ ਲਈ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਯਕੀਨੀ ਬਣਾਉਣ ਲਈ ਕਿਹਾ, ਜਿਸ ਨਾਲ ਇਸ ਯੋਜਨਾ ਨੂੰ ਹੋਰ ਹੁਲਾਰਾ ਮਿਲੇਗਾ। ਸ਼੍ਰੀ ਥੋਰੀ ਨੇ ਐਸ.ਡੀ.ਐਮਜ਼ ਨੂੰ ਆਪੋ-ਆਪਣੀਆਂ ਸਬ-ਡਵੀਜ਼ਨਾਂ ਤੋਂ ਵੱਧ ਤੋਂ ਵੱਧ ਰੋਜ਼ਗਾਰਦਾਤਾਵਾਂ ਨੂੰ ਸ਼ਾਮਲ ਕਰ ਕੇ ਇਕ ਵਿਸਥਾਰਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 9 ਸਤੰਬਰ ਨੂੰ ਗੁਰੂ ਨਾਨਕ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਅਤੇ ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਲਈ ਵਧੇਰੇ ਕੈਂਪਾਂ ਦੀ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਸਿਵਲ ਸਰਜਨ ਨੂੰ ਪ੍ਰਾਈਵੇਟ ਹਸਪਤਾਲਾਂ ਨਾਲ ਸਲਾਹ ਮਸ਼ਵਰਾ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀ ਕਿਰਤ ਸ਼ਕਤੀ ਦੀ ਸੂਚੀ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵਧੇਰੇ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਡਿਪਟੀ ਕਮਿਸ਼ਨਰ ਉਮੀਦ ਪ੍ਰਗਟ ਕੀਤੀ ਕਿ ਰਾਜ ਸਰਕਾਰ ਵੱਲੋਂ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹਰੇਕ ਘਰ ਨੂੰ ਨੌਕਰੀ ਮੁਹੱਈਆ ਕਰਵਾਉਣ ਦਾ ਇਹ ਇਕ ਨੇਕ ਉਪਰਾਲਾ ਹੈ।

LEAVE A REPLY

Please enter your comment!
Please enter your name here