ਰੁੜਕਾ ਕਲਾਂ ਅਤੇ ਲੋਹੀਆਂ ਖਾਸ ਵਿਖੇ ਲਗਾਏ ਗਏ ਦੋ ਰੋਜ਼ਗਾਰ ਮੇਲੇ, 372 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ (ਦ ਸਟੈਲਰ ਨਿਊਜ਼)। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰੁੜਕਾ ਕਲਾਂ ਅਤੇ ਲੋਹੀਆਂ ਖਾਸ ਦੇ ਦਫ਼ਤਰ ਵਿਖੇ ਵੀਰਵਾਰ ਨੂੰ ਲਗਾਏ ਗਏ ਦੋ ਰੋਜ਼ਗਾਰ ਮੇਲਿਆਂ ਵਿੱਚ 372 ਬੇਰੋਜ਼ਗਾਰ ਨੌਜਵਾਨ  ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਫ਼ਲ ਰਹੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿਥੇ 454 ਬੇਰੋਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਪੁਖਰਾਜ ਹੈਲਥ ਕੇਅਰ, ਰੈਂਕ ਸਟੈਪ, ਪਲੇਸਮੈਡਸ, ਸਟਾਰ ਹੈਲਥ ਇੰਸ਼ੋਰੈਂਸ, ਏਅਰਟੈਲ/ਫੋਨ ਪੇ/ਐਸ.ਬੀ.ਆਈ. ਕ੍ਰੈਡਿਸਟ, ਏਜਾਈਲ, ਏ-ਵਨ ਇੰਟਰਨੈਸ਼ਨਲ, ਐਸ.ਆਈ.ਐਸ. ਸਕਿਊਰਟੀਜ਼, ਹੈਲਥ ਹਰਬਲ, ਪੁਖਰਾਜ ਹੈਲਥ, ਐਲ.ਆਈ.ਸੀ. ਆਫ ਇੰਡੀਆ, ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਅਤੇ ਐਨ.ਆਈ.ਆਈ.ਟੀ. ਲਿਮਟਿਡ ਸਮੇਤ 13 ਕੰਪਨੀਆਂ ਨੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਦਿਆਂ 372 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਹੀ ਹੋਰ ਰੋਜ਼ਗਾਰ ਮੇਲੇ  3 ਸਤੰਬਰ ਨੂੰ ਬੀਡੀਪੀਓ ਦਫ਼ਤਰ ਨੂਰਮਹਿਲ ਤੇ ਜਲੰਧਰ ਪੂਰਬੀ ਅਤੇ 7 ਸਤੰਬਰ ਨੂੰ ਬੀਡੀਪੀਓ ਦਫ਼ਤਰ ਜਲੰਧਰ ਪੱਛਮੀ ਤੇ ਮਹਿਤਪੁਰ ਵਿਖੇ ਲਗਾਏ ਜਾ ਰਹੇ ਹਨ, ਜਿਥੇ ਭਾਗ ਲੈਣ ਵਾਲਿਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਨਿਯਮਿਤ ਰੋਜ਼ਗਾਰ ਮੇਲਿਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਤਹਿਤ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਥੋਰੀ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ।ਉਨ੍ਹਾਂ ਕਿਹਾ ਕਿ ਅਸਲ ਵਿੱਚ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here