ਜਲੰਧਰ ਵਿੱਚ ਦੋ ਰੋਜ਼ਗਾਰ ਮੇਲਿਆਂ ਦੌਰਾਨ 321 ਨੌਜਵਾਨਾਂ ਨੂੰ ਮੌਕੇ ‘ਤੇ ਮਿਲੀ ਨੌਕਰੀ

ਜਲੰਧਰ (ਦ ਸਟੈਲਰ ਨਿਊਜ਼)। ‘ਘਰ-ਘਰ ਰੋਜ਼ਗਾਰ ਤੇ ਕਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਦਫ਼ਤਰ ਜਲੰਧਰ ਪੂਰਬੀ ਅਤੇ ਨੂਰਮਹਿਲ ਵਿਖੇ ਅੱਜ ਦੋ ਰੋਜ਼ਗਾਰ ਮੇਲੇ ਲਗਾਏ ਗਏ, ਜਿਸ ਦੌਰਾਨ 321 ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਫ਼ਲ ਰਹੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦੋਵਾਂ ਕੈਂਪਾਂ ਵਿੱਚ 357 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 321 ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਪੁਖਰਾਜ ਹੈਲਥ ਕੇਅਰ, ਰੀਬਲਿਸ, ਪਲੇਸਮੈਡਸ, ਸਟਾਰ ਹੈਲਥ ਇੰਸ਼ੋਰੈਂਸ, ਐਸ.ਆਈ.ਐਸ. ਸਕਿਓਰਿਟੀਜ਼, ਐਲ.ਆਈ.ਸੀ. ਨਕੋਦਰ, ਆਈ.ਸੀ.ਆਈ.ਸੀ.ਆਈ. ਬੈਂਕ, ਐਨ.ਆਈ.ਆਈ.ਟੀ. ਲਿਮਟਿਡ ਸਮੇਤ ਕੁੱਲ 14 ਕੰਪਨੀਆਂ ਨੇ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲਿਆ ਅਤੇ ਰੋਜ਼ਗਾਰ ਲਈ ਮੌਕੇ ‘ਤੇ 321 ਬੇਰੋਜ਼ਗਾਰ ਨੌਜਵਾਨਾਂ ਦੀ ਚੋਣ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਹੀ ਹੋਰ ਰੋਜ਼ਗਾਰ ਮੇਲੇ 7 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਜਲੰਧਰ ਪੱਛਮੀ ਤੇ ਮਹਿਤਪੁਰ ਵਿਖੇ ਲਗਾਏ ਜਾ ਰਹੇ ਹਨ, ਜਿਥੇ ਭਾਗ ਲੈਣ ਵਾਲਿਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ।

ਸ਼੍ਰੀ ਥੋਰੀ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ । ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓ. ਪੂਰਬੀ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਵਿੱਚ 136 ਨੌਜਵਾਨਾਂ ਨੂੰ ਰੋਜ਼ਗਾਰ ਲਈ ਚੁਣਿਆ ਗਿਆ ਜਦਕਿ ਨੂਰਮਹਿਲ ਵਿਖੇ 185 ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ।ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਵਿਡ ਪ੍ਰੋਟੋਕੋਲਜ਼ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਿਯਮਿਤ ਰੋਜ਼ਗਾਰ ਮੇਲਿਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਤਹਿਤ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ।

ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here