ਰਜਿਸਟਰਡ ਕਾਮਿਆਂ ਨੂੰ ਆਰਥਿਕ ਤੌਰ ‘ਤੇ ਹੋਰ ਹੁਲਾਰਾ ਦੇਵੇਗੀ `ਮੇਰਾ ਕਾਮ ਮੇਰਾ ਮਾਨ’ ਯੋਜਨਾ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਜਿਥੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਉਥੇ ਰਜਿਸਟਰਡ ਕਾਮਿਆਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਇਕ ਨਿਵੇਕਲੀ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ‘ਮੇਰਾ ਕਾਮ ਮੇਰਾ ਮਾਨ’ ਨਾਂਅ ਦੀ ਇਹ ਯੋਜਨਾ ਕਾਮਿਆਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਲਈ ਮੀਲ ਦਾ ਪੱਥਰ ਸਾਬਿਤ ਹੋਵੇਗੀ। 7ਵੇਂ ਮੈਗਾ ਰੋਜ਼ਗਾਰ ਮੇਲੇ ਅਤੇ ‘ਮੇਰਾ ਕਾਮ ਮੇਰਾ ਮਾਨ’ ਯੋਜਨਾ ਸਬੰਧੀ ਅੱਜ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਰਾਹੁਲ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਰਚੂਲਅ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਸੁਚਾਰੂ ਢੰਗ ਨਾਲ ਆਯੋਜਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲਂ  ਕੀਤੇ ਗਏ ਪ੍ਰਬੰਧਾਂ ਤੋਂ ਜਾਣੂੰ ਕਰਵਾਇਆ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 9 ਸਤੰਬਰ ਤੋਂ 17 ਸਤੰਬਰ ਤੱਕ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲੇ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਇਆ ਜਾਵੇਗਾ ਅਤੇ ਜ਼ਿਲ੍ਹੇ ਨੂੰ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਸਬੰਧੀ ਦਿੱਤੇ ਗਏ ਟੀਚੇ ਨੂੰ ਪੂਰਾ ਕਰਦਿਆਂ ਨੌਜਵਾਨਾਂ ਨੂੰ 15000 ਤੋਂ ਵੱਧ ਨੌਕਰੀਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਪੁੱਜਣ ਵਾਲੇ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਦੇ ਬੈਠਣ ਲਈ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਰਾਹ ਦਸੇਰਾ ਹੈਲਪ ਡੈਸਕ ਵੀ ਸਥਾਪਤ ਕੀਤੇ ਜਾਣਗੇ ਤਾਂ ਜੋ ਰੋਜ਼ਗਾਰ ਹਿੱਤ ਮੇਲੇ ਵਿੱਚ ਪੁੱਜਣ ਵਾਲੇ ਨੌਜਵਾਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਰੋਜ਼ਗਾਰ ਮੇਲੇ ਵਾਲੇ ਸਥਾਨ ‘ਤੇ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਸਮੇਤ ਸਮੁੱਚੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਸ਼੍ਰੀ ਥੋਰੀ ਨੇ ਜ਼ਿਲ੍ਹੇ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਸ਼ੁਰੂ ਕੀਤੀਆਂ ਜਾਣ ਵਾਲੀਆਂ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸਬੰਧੀ ਰੋਜ਼ਗਾਰ ਮੇਲਿਆਂ ਵਾਲੇ ਸਥਾਨ ‘ਤੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਮੁਫ਼ਤ ਕੋਚਿੰਗ ਕਲਾਸਾਂ ਦਾ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀ “ ਮੇਰਾ ਕਾਮ, ਮੇਰਾ ਮਾਨ” ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਮਗਨਰੇਗਾ ਵਰਕਰਾਂ ਅਤੇ ਰਜਿਸਟਰਡ ਕਮਿਆਂ ਨੂੰ ਮੁਫ਼ਤ ਸਕਿੱਲ ਟ੍ਰੇਨਿੰਗ ਦਾ ਲਾਭ ਦਿਵਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਰਜਿਸਟਰਡ ਮਗਨਰੇਗਾ ਵਰਕਰਾਂ ਅਤੇ ਕਾਮਿਆਂ ਨੂੰ ਮੁਫ਼ਤ ਸਕਿੱਲ ਟ੍ਰੇਨਿੰਗ ਦਿਵਾਈ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਪੂਰੇ ਇਕ ਸਾਲ ਲਈ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਫੋਨ ਰਾਹੀਂ ਸੰਪਰਕ ਕਰ ਕੇ ਉਨ੍ਹਾਂ ਨੂੰ ਇਸ ਸਕੀਮ ਦੀ ਪੂਰਨ ਤੌਰ ‘ਤੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਹਰਦੀਪ ਸਿੰਘ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀ ਜਸਵੰਤ ਰਾਏ ਅਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here