ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਦਫ਼ਤਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਫ਼ਿਰੋਜ਼ਪੁਰ ( ਦ ਸਟੈਲਰ ਨਿਊਜ਼):  ਮੁੱਖ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਸਵੇਰੇ 09.00 ਵਜੇ ਦੇ ਕਰੀਬ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਨੇ ਦਫਤਰਾਂ ਵਿਚ ਮੌਜੂਦ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ ਰੋਜਾਨਾ ਆਪਣੇ ਆਪਣੇ ਦਫਤਰਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ। ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਡੀ.ਸੀ.ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ, ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ, ਪੀਡਬਲਯੂਡੀ, ਸੇਵਾ ਕੇਂਦਰ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਾਰੇ ਦਫਤਰਾਂ ਵਿਚ ਅਚਨਚੇਤ ਚੈਕਿੰਗ ਕਰ ਕੇ ਦਫਤਰਾਂ ਵਿਚ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨ), ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਸ਼ਹਿਰੀ), ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਪੇਂਡੂ) ਸਮੇਤ ਵੱਖ ਵੱਖ ਐਸਡੀਐਮਜ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਉਹ ਸਵੇਰੇ 9 ਵਜੇ ਤੋਂ 5 ਵਜੇ ਤੱਕ ਕਿਸੇ ਵੀ ਦਿਨ ਅਤੇ ਕਿਸੇ ਵੀ ਸਮੇਂ ਚੈਕਿੰਗ ਕਰ ਕੇ ਸਾਰੇ ਦਫਤਰਾਂ ਵਿਚ ਸਟਾਫ ਦੀ ਹਾਜ਼ਰੀ ਨੂੰ ਯਕੀਨੀ ਬਣਾਉਣਗੇ।         

Advertisements

ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਦੇ ਵਿਚ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਆਪਣਾ ਆਪਣਾ ਕੰਮ ਕਰਵਾਉਣ ਲਈ ਦਫਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀ/ਕਰਮਚਾਰੀ ਦਫ਼ਤਰਾਂ ਵਿਚ ਲੇਟ ਆਉਂਦੇ ਹਨ ਤਾਂ ਇਸ ਨਾਲ ਜਿੱਥੇ ਆਮ ਲੋਕਾਂ ਦਾ ਸਮਾਂ ਖ਼ਰਾਬ ਹੁੰਦਾ ਹੈ ਉੱਥੇ ਹੀ ਪ੍ਰਸ਼ਾਸਨ ਦਾ ਆਮ ਲੋਕਾਂ ਵਿੱਚ ਅਕਸ ਵੀ ਗ਼ਲਤ ਪੈਂਦਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਉਨ੍ਹਾਂ ਦਫਤਰਾਂ ਵਿਖੇ ਸਾਫ-ਸਫਾਈ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਲੇ-ਦੁਆਲੇ ਸਫਾਈ ਰੱਖਣ ਲਈ ਵੀ ਕਿਹਾ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨ.) ਸੁਖਪ੍ਰੀਤ ਸਿੰਘ ਸੰਧੂ ਵੱਲੋਂ ਡੀਈਓ ਪ੍ਰਾਈਮਰੀ ਤੇ ਸਕੈਂਡਰੀ ਦਫਤਰ ਦੀਆਂ ਵੱਖ ਵੱਖ ਬਰਾਚਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਗਈ। ਇਸੇ ਤਰ੍ਹਾਂ ਡੀਡੀਪੀਓ ਹਰਜਿੰਦਰ ਸਿੰਘ ਵੱਲੋਂ ਵੀ ਦਫਤਰ ਡੀਡੀਪੀਓ ਵਿਖੇ ਸਵੇਰੇ 9 ਵਜੇ ਦਫਤਰ ਦੀ ਚੈਕਿੰਗ ਕੀਤੀ ਗਈ। 

LEAVE A REPLY

Please enter your comment!
Please enter your name here