72 ਮੰਡੀਆਂ ’ਚ ਹੋਵੇਗੀ ਝੋਨੇ ਦੀ ਖਰੀਦ, ਲੋੜੀਂਦੇ ਪ੍ਰਬੰਧ ਮੁਕੰਮਲ: ਅਪਨੀਤ ਰਿਆਤ

ਹੁੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਕੁੱਲ 72 ਮੰਡੀਆਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਸਹੂਲਤਾਂ ਦਾ ਲੋੜੀਂਦਾ ਇੰਤਜ਼ਾਮ ਕੀਤਾ ਗਿਆ ਹੈ। ਮੰਡੀਆਂ ’ਚ ਪ੍ਰਬੰਧਾਂ ਦੇ ਜਾਇਜ਼ੇ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਖਰੀਦ ਏਜੰਸੀਆਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਰਹਿਣੀ ਚਾਹੀਦੀ ਤਾਂ ਜੋ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਅਤੇ ਬਿਨ੍ਹਾਂ ਕਿਸੇ ਰੁਕਾਵਟ ਤੋਂ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਨੇ ਖਰੀਦ ਏਜੰਸੀਆਂ ਪਨਗਰੇਨ, ਮਾਰਕਫੈਡ, ਵੇਅਰ ਹਾਊਸ, ਪਨਸਪ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਅਲਾਟ ਹੋਈਆਂ ਮੰਡੀਆਂ ਵਿਚ ਸਮੇਂ ਸਿਰ ਖਰੀਦ ਅਤੇ ਲਿਫਟਿੰਗ ਯਕੀਨੀ ਬਨਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Advertisements


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ 4.48 ਲੱਖ ਮੀਟ੍ਰਿਕ ਟਨ ਖਰੀਦ ਦੀ ਸੰਭਾਵਨਾ ਹੈ ਅਤੇ 1960 ਰੁਪਏ ਪ੍ਰਤੀ ਕੁਇੰਟਲ ਐਮ.ਐਸ.ਪੀ. ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 50 ਦੇ ਕਰੀਬ ਸ਼ੈਲਰ ਹਨ ਜਿਨ੍ਹਾਂ ਦੀ ਮੰਡੀਆਂ ਨਾਲ Çਲੰਕਿੰਗ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਵੀ ਫਸਲ ਦੀ ਖਰੀਦ ਕੂਪਨ ਸਿਸਟਮ ਰਾਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਹ ਕੂਪਨ ਆੜਤੀਆਂ ਰਾਹੀਂ ਮੰਡੀ ਬੋਰਡ ਵਲੋਂ ਮੁਹੱਈਆ ਕਰਵਾਏ ਜਾਣਗੇ ਤਾਂ ਕਿ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੇਨੂ ਬਾਲਾ ਵਰਮਾ ਨੇ ਮੀਟਿੰਗ ਦੌਰਾਨ ਜਾਣੂ ਕਰਵਾਇਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਲਈ ਲੋੜੀਂਦਾ ਬਾਰਦਾਨਾ ਉਪਲਬੱਧ ਹੈ ਅਤੇ ਝੋਨੇ ਦੀ ਢੋਆ-ਢੁਆਈ ਤੇ ਲੇਬਰ ਆਦਿ ਦੇ ਟੈਂਡਰਾਂ ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ, ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀ.ਐਮ. ਨਿਰਮਲਜੀਤ ਸਿੰਘ, ਮਾਰਕਫੈਡ ਦੇ ਡੀ.ਐਮ. ਇੰਦਰਜੀਤ ਸਿੰਘ, ਪਨਸਪ ਦੇ ਡੀ.ਐਮ. ਗੁਰਵਿੰਦਰ ਸਿੰਘ, ਐਫ.ਸੀ.ਆਈ. ਦੇ ਡੀ.ਐਮ. ਕੁਲਵਿੰਦਰ ਸਿੰਘ ਆਦਿ ਮੌਜੂਦ ਸਨ।


ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਝੋਨਾ ਹੀ ਲਿਆਉਣ ਦੀ ਅਪੀਲ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਧਾਰਤ ਨਮੀ ਵਾਲਾ ਝੋਨਾ ਹੀ ਮੰਡੀਆਂ ’ਚ ਲਿਆਉਣ ਨੂੰ ਤਰਜੀਹ ਦੇਣ ਅਤੇ ਤਰੇਲ ਕਾਰਨ ਗਿੱਲੇ ਹੋਏ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਦਿਆਂ ਤੈਅ ਸਮੇਂ ਵਿਚ ਹੀ ਕਟਾਈ ਨੂੰ ਯਕੀਨੀ ਬਨਾਉਣ।  


ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਟਾਈ ’ਤੇ ਪਾਬੰਦੀ :
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਨ੍ਹਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਵੀ ਪਾਬੰਦੀ ਹੈ ਅਤੇ ਇਹ ਸਾਰੇ ਹੁਕਮ 22 ਨਵੰਬਰ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here