ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਹਮੇਸ਼ਾ ਮਜ਼ਬੂਤੀ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕੈਬਨਿਟ ਮੰਤਰੀ ਸ.ਪਰਗਟ ਸਿੰਘ ਨੇ ਅੱਜ ਨਵੀਂ ਅਨਾਜ ਮੰਡੀ, ਜਲੰਧਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਅਵਤਾਰ ਹੈਨਰੀ ਜੂਨੀਅਰ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਨੇ ਕਿਹਾ ਕਿ ਜਲੰਧਰ ਦੀਆਂ ਅਨਾਜ ਮੰਡੀਆਂ ਵਿੱਚ 10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦੇ ਦਾਣੇ-ਦਾਣੇ ਦੀ ਖ਼ਰੀਦ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ।

Advertisements

ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਲੋੜੀਂਦੀ ਉਪਲੱਬਧਤਾ ਤੋਂ ਇਲਾਵਾ ਸਮੁੱਚੇ ਖ਼ਰੀਦ ਕੇਂਦਰਾਂ ਵਿੱਚ ਲਿਫ਼ਟਿੰਗ ਅਤੇ ਅਦਾਇਗੀ ਦੇ ਉਚਿਤ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਮਿਲੇਗੀ। ਸ. ਪਰਗਟ ਸਿੰਘ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਪੀਲ ਕੀਤੀ ਕਿਉਂਕਿ ਇਸ ਨਾਲ ਸੂਬੇ ਵਿੱਚ ਕੋਵਿਡ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਲਈ ਕਿਹਾ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਵਿਅਕਤੀਗਤ ਯਤਨਾਂ ਸਦਕਾ ਤੁਰੰਤ ਖ਼ਰੀਦ ਸ਼ੁਰੂ ਕੀਤੀ ਜਾ ਸਕੀ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਰਾਹਤ ਮਿਲੀ ਹੈ । ਇਸ ਤੋਂ ਪਹਿਲਾਂ ਸ਼੍ਰੀ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 78 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲੰਧਰ ਵਿੱਚ 3610 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚ ਆਦਮਪੁਰ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿੱਚ 610 ਮੀਟ੍ਰਿਕ ਟਨ, ਭੋਗਪੁਰ, ਜਲੰਧਰ ਸ਼ਹਿਰ, ਲੋਹੀਆਂ ਖਾਸ, ਮਹਿਤਪੁਰ ਅਤੇ ਸ਼ਾਹਪੁਰ ਮਾਰਕੀਟ ਕਮੇਟੀਆਂ ਵਿੱਚ ਕ੍ਰਮਵਾਰ 1087, 644, 510, 297 ਅਤੇ 70 ਮੀਟ੍ਰਿਕ ਟਨ ਝੋਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਫ਼ਸਲ ਦੀ ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਅਣਗਿਹਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਅਤੇ ਖ਼ਰੀਦ ਏਜੰਸੀਆਂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here