ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 18 ਅਕਤੂਬਰ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 18 ਅਕਤੂਬਰ ਤੋਂ ਸਾਰੇ ਸਿਖਲਾਈ ਕੇਂਦਰਾਂ ’ਤੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਸਿਖਿਆਰਥੀਆਂ ਨੂੰ ਮੁਫ਼ਤ ਖਾਣਾ, ਰਿਫਰੈਸ਼ਮੈਂਟ ਤੋਂ ਇਲਾਵਾ 2000 ਰੁਪਏ ਪ੍ਰਤੀ ਸਿਖਿਆਰਥੀ ਵਜੀਫ਼ਾ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਿਰਦੇਸ਼ਾਂ ’ਤੇ ਚਲਾਏ ਜਾ ਰਹੇ ਇਸ ਮੁਫ਼ਤ ਟਰੇਨਿੰਗ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ, ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ, ਸੁਚੱਜੇ ਮੰਡੀਕਰਨ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲੋੜੀਂਦਾ ਸਾਹਿਤ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲਾਭਪਾਤਰੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਹੋਵੇ ਅਤੇ ਘੱਟੋ-ਘੱਟ 5ਵੀਂ ਪਾਸ ਹੋਣ ਦੇ ਨਾਲ-ਨਾਲ ਪੇਂਡੂ ਪਿਛੋਕੜ ਨਾਲ ਸਬੰਧਤ ਹੋਵੇ, ਇਸ ਕੋਰਸ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਦਫ਼ਤਰ ਕਮਰਾ ਨੰਬਰ 439, ਚੌਥੀ ਮੰਜ਼ਿਲ, ਮਿੰਨੀ ਸਕੱਤਰੇਤ ਤੋਂ ਜਾਂ ਦਫ਼ਤਰ ਦੇ ਫੋਨ ਨੰਬਰ 01882-220025 ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਲਈ ਵੱਖ-ਵੱਖ ਬੈਂਕਾਂ ਤੋਂ ਕਰਜ਼ਾ ਅਤੇ ਵਿਭਾਗ ਵਲੋਂ 33 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। 

Advertisements

LEAVE A REPLY

Please enter your comment!
Please enter your name here