ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ‘ਚ ਆਵਾਜ਼ ਕੀਤੀ ਬੁਲੰਦ

ਚੰਡੀਗੜ (ਦ ਸਟੈਲਰ ਨਿਊਜ਼): ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋ ਵਰੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ। ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪਿ੍ਰਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Advertisements


ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ ‘ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ।
ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here