ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ : ਵਧੀਕ ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਜਲੰਧਰ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਜੀਰੋ-ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਲੰਧਰ ਸ਼੍ਰੀ ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਸ. ਇਕਬਾਲਜੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ਼੍ਰੀ ਰੋਹਿਤ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਲੰਧਰ, ਸ਼੍ਰੀ ਸੁਖਦੇਵ ਸਿੰਘ, ਐਕਸੀਐਨ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਲੰਧਰ ਅਤੇ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਭਾਗ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਜਾਂ ਖੇਤਾਂ ਵਿੱਚੋਂ ਬਾਹਰ ਕੱਢ ਕੇ ਸੁਚੱਜੀ ਸੰਭਾਲ ਕਰਨ ਸਬੰਧੀ ਵੱਖ-ਵੱਖ ਮਸ਼ੀਨਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 215 ਸਹਿਕਾਰੀ ਸਭਾਵਾਂ ਨੂੰ ਸਬਸਿਡੀ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕੀਤੀ ਗਈ ਹੈ। ਉਨ੍ਹਾਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਨੂੰ ਹਦਾਇਤ ਕੀਤੀ ਕਿ ਉਹ ਸਭਾਵਾਂ ਪਾਸ ਪਈਆਂ ਸਮੁੱਚੀਆਂ ਮਸ਼ੀਨਾਂ ਦੀ ਵਰਤੋਂ ਕਿਸਾਨ ਹਿੱਤ ਵਿੱਚ ਕਰਵਾਉਣਾ ਯਕੀਨੀ ਬਣਾਉਣ ਅਤੇ ਇਹ ਯਕੀਨੀ ਕਰਨ ਕਿ ਕਿਸੇ ਵੀ ਸਹਿਕਾਰੀ ਸਭਾ ਪਾਸ ਝੋਨੇ ਦੀ ਪਰਾਲੀ ਦੀ ਸੰਭਾਲ ਵਾਲੀਆਂ ਮਸ਼ੀਨਾਂ ਪੂਰਾ ਸੀਜ਼ਨ ਚੱਲਣ ਅਤੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਹ ਮਸ਼ੀਨਾਂ ਬਗੈਰ ਕਿਰਾਏ ਤੋਂ ਉਪਲੱਬਧ ਹੋ ਸਕਣ। ਉਨ੍ਹਾਂ ਨੇ ਇਸ ਸਬੰਧ ਵਿੱਚ ਖੇਤੀਬਾੜੀ ਵਿਭਾਗ ਨੂੰ ਜਿਲ੍ਹੇ ਵਿੱਚ ਕੰਮ ਕਰ ਰਹੇ 1200 ਕਿਸਾਨ ਗਰੁੱਪਾਂ ਰਾਹੀਂ ਵੀ ਮਸ਼ੀਨਾਂ ਦੀ ਉਪਲੱਬਧਤਾ ਯਕੀਨੀ ਬਣਾਉਣ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮਿੱਤੀਬੱਧ ਪ੍ਰੋਗਰਾਮ ਉਲੀਕਣ ਅਤੇ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ ਜ਼ਿਲ੍ਹੇ ਵਿੱਚ ਲਗਾਉਣ ਦੀ ਹਦਾਇਤਾਂ ਜਾਰੀ ਕੀਤੀਆਂ।

 ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਨੂੰ ਪੰਚਾਇਤਾਂ ਨੂੰ ਇਕੱਠਿਆਂ ਕਰਕੇ ਸਮੂਹਿਕ ਰੂਪ ਵਿੱਚ ਪਰਾਲੀ ਨਾ ਸਾੜਨ ਦੇ ਮਤੇ ਪਾਉਣ ਲਈ ਪ੍ਰੇਰਿਤ ਕਰਨ ਦੀ ਵੀ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਘੋਸ਼ਿਤ ਕੀਤੇ ਗਏ ਪੰਚਾਇਤਾਂ ਲਈ ਕੁੱਲ 50-50 ਹਜ਼ਾਰ ਰੁਪਏ ਦੇ ਨਗਦ 11 ਇਨਾਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਕਿਹਾ ਤਾਂ ਜੋ ਪਰਾਲੀ ਨੂੰ ਸਾੜਨ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਬੱਚਿਆ ਜਾ ਸਕੇ। ਮੀਟਿੰਗ ਦੌਰਾਨ ਡਾ. ਸੁਰਿੰਦਰ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਵੱਲੋਂ ਤਿਆਰ ਕੀਤਾ ਅੰਕੜਾ ਸਾਰ-2021 ਦਿੱਤਾ, ਜਿਸ ਵਿੱਚ ਜਿਲ੍ਹੇ ਦੀ ਖੇਤੀ ਨਾਲ ਸਬੰਧਿਤ ਅੰਕੜਿਆਂ ਤੋਂ ਇਲਾਵਾ ਖੇਤੀ ਮਸ਼ੀਨਰੀ ਸੇਵਾ ਕੇਂਦਰ, ਸਹਿਕਾਰੀ ਸਭਾਵਾਂ, ਮਸ਼ੀਨਰੀ ਸੈਂਟਰ ਆਦਿ ਦਾ ਮੁਕੰਮਲ ਵੇਰਵਾ ਦਰਜ ਹੈ।

LEAVE A REPLY

Please enter your comment!
Please enter your name here