ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ‘ਤੇ ਚੱਲਣ ਦੀ ਲੋੜ: ਰਾਜ ਕੁਮਾਰ ਵੇਰਕਾ

ਜਲੰਧਰ ( ਦ ਸਟੈਲਰ ਨਿਊਜ਼)। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਧਰਮਗੁਰੂ ਬਾਬਾ ਪ੍ਰਗਟ ਨਾਥ ਦੀ ਅਗਵਾਈ ਵਿੱਚ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ, ਜਲੰਧਰ ਤੋਂ ਵਿਸ਼ਾਲ ਯਾਤਰਾ ਨੂੰ ਭਗਵਾਨ ਵਾਲਮੀਕਿ ਤੀਰਥ, ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਬਹੁਤ ਵੱਡੇ ਗਿਆਨੀ ਅਤੇ ਕਵੀ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮਹਾਂਰਿਸ਼ੀ ਦੀ ਉਪਾਧੀ ਦਿੱਤੀ ਗਈ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ।

Advertisements

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਰਾਹੀਂ ਜਨਤਾ ਨੂੰ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਉਨ੍ਹਾਂ ਵੱਲੋਂ ਰਚਿਤ ਰਮਾਇਣ ਮਨੁੱਖੀ ਕਦਰਾਂ ਕੀਮਤਾਂ ਦੀ ਇਕ ਸਾਕਾਰ ਰਚਨਾ ਹੈ। ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਵਿਚ ਬਰਾਬਰਤਾ, ਆਦਰਸ਼ ਵਿਅਕਤੀ, ਆਦਰਸ਼ ਰਾਜਾ ਬਣਨ ਦਾ ਉਪਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸਾਰੂ ਸਮਾਜ ਦੀ ਸਿਰਜਣਾ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ। ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਸੰਗਤਾਂ ਮੌਜੂਦ ਸਨ।

LEAVE A REPLY

Please enter your comment!
Please enter your name here