ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਮੱਦੇਨਜਰ ਰੱਖਦਿਆਂ ਪੁਲੀਸ ਲਾਈਨ ਵਿਖੇ ਸ਼ਹੀਦੀ ਦਿਵਸ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ

ਫਿਰੋਜਪੁਰ (ਦ ਸਟੈਲਰ ਨਿਊਜ਼)। ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਮੱਦੇਨਜਰ ਰੱਖਦਿਆਂ ਪੁਲੀਸ ਲਾਈਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਇਸ ਸਾਲ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਜ਼ ਇੰਦਰਬੀਰ ਸਿੰਘ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹੰਸ, ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਸਿਵਲ ਜੱਜ ਸੀਨੀਅਰ ਡਵੀਜ਼ਨ ਸੁਰੇਸ਼ ਕੁਮਾਰ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 

Advertisements

ਸਮਾਗਮ ਨੂੰ ਸੰਬੋਧਨ ਕਰਦਿਆਂ (ਡੀਆਈਜੀ) ਇੰਦਰਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਸ ਸਾਲ ਉਨ੍ਹਾਂ ਵੱਲੋਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਹੀਦ ਪਰਿਵਾਰਾਂ ਦੇ ਘਰ-ਘਰ ਜਾ ਕੇ ਸਹੀਦ ਪਰਿਵਾਰਾਂ ਨੂੰ ਸਨਮਾਨ ਦਿੱਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਘਾਤ ਲਗਾ ਕੇ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਯਾਦ ਨੂੰ ਤਾਜਾ ਰੱਖਣ ਲਈ ਅੱਜ ਦਾ ਦਿਨ ਪੁਲਿਸ ਸਮ੍ਰਿਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੁੱਲ 1784 ਪੁਲੀਸ ਅਧਿਕਾਰੀ/ਕਰਮਚਾਰੀ ਸ਼ਹੀਦ ਹੋਏ ਸਨ ਜਿਨ੍ਹਾਂ ਵਿਚ ਡੀ.ਆਈ.ਜੀ-2, ਐਸ.ਐਸ.ਪੀ-3, ਐਸ.ਪੀ-4, ਡੀ.ਐਸ.ਪੀ-12, ਇੰਸਪੈਕਟਰ-32, ਸਬ ਇੰਸਪੈਕਟਰ-61, ਅਸਿਸਟੈਂਟ ਸਬ-ਇੰਸਪੈਕਟਰ-111, ਹੌਲਦਾਰ-268, ਸਿਪਾਹੀ-817, ਹੋਮ ਗਾਰਡਜ਼ ਵਲੰਟੀਅਰ-294 ਅਤੇ ਐਸ.ਪੀ.ਓਜ਼-180 ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਦੇ ਹੋਏ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 45 ਕਰਮਚਾਰੀ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ ਜਿਨ੍ਹਾਂ ਵਿਚੋਂ ਸਬ ਇੰਸਪੈਕਟਰ-1, ਏ.ਐਸ.ਆਈਜ਼-4, ਐੱਚ.ਸੀਜ਼-11, ਸਿਪਾਹੀ-8, ਐੱਸ.ਪੀ.ਓਜ਼-5 ਅਤੇ ਪੀ.ਐੱਸ.ਜੀ-16 ਹਨ। ਉਨ੍ਹਾਂ ਕਿਹਾ ਕਿ  ਸਾਨੂੰ ਇਨ੍ਹਾਂ ਸ਼ਹੀਦਾਂ ਤੇ ਪੂਰਾ ਮਾਨ ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਹਮੇਸ਼ਾ ਸਾਡੇ ਦਿਲਾਂ ਵਿੱਚ ਜਿੰਦਾ ਹਨ ਤੇ ਇਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਅਸੀਂ ਹਮੇਸ਼ਾ ਯਾਦ ਰੱਖੀਏ ਤੇ ਇਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰੀਏ। ਅੱਜ ਅਸੀਂ ਸਾਰੇ ਇਕੱਠੇ ਹੋ ਕੇ ਇਨ੍ਹਾਂ ਸ਼ਹੀਦਾਂ ਨੂੰ ਨਿੱਘੀ ਸਰਧਾਂਜਲੀ ਅਰਪਿਤ ਕਰਦੇ ਹੋਏ ਪ੍ਰਣ ਕਰਦੇ ਹਾਂ ਕਿ ਇਨ੍ਹਾਂ ਦੀਆਂ ਸ਼ਹੀਦੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਅਸੀਂ ਸਾਰੇ ਇਨ੍ਹਾਂ ਵੱਲੋਂ ਦੇਸ਼ ਖਾਤਰ ਕੀਤੀਆਂ ਗਈਆਂ ਕੁਰਬਾਨੀਆਂ ਦੇ ਰਾਹ ਤੇ ਚੱਲ ਕੇ ਦੇਸ਼ ਦੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਾਂਗੇ।

ਇਸ ਮੌਕੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹੰਸ  ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਨੂੰ ਸ਼ਹੀਦਾਂ ਦੀ ਧਰਤੀ ਤੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।

ਇਸ ਤੋਂ ਪਹਿਲਾ ਐੱਸ.ਪੀ. ਬਲਬੀਰ ਸਿੰਘ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਪੁਲਿਸ ਤੇ ਜੁਡੀਸ਼ਰੀ  ਦੇ ਅਧਿਕਾਰੀਆਂ ਵੱਲੋਂ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਕਰੋਨਾ ਮਹਾਂਮਾਰੀ ਦੌਰਾਨ ਸ਼ਹੀਦ ਹੋਏ 4 ਪੁਲਿਸ ਕਰਮਚਾਰੀਆਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਡੀ.ਐੱਸ.ਪੀ. ਨਿਖੀਲ ਗਰਗ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

LEAVE A REPLY

Please enter your comment!
Please enter your name here