ਪਰਾਲੀ ਨੂੰ ਅੱਗ ਲਾਉਣ ਨਾਲ ਮਨੁੱਖੀ ਸ਼ਰੀਰ ਅਤੇ ਵਾਤਾਵਰਣ ਤੇ ਪੈਂਦਾ ਹੈ ਮਾੜਾ ਪ੍ਰਭਾਵ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼) । ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਮਨੁੱਖੀ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ ਇਸ ਨਾਲ ਜਿੱਥੇ ਸਾਨੂੰ ਸਾਹ ਲੈਣ ਵਿਚ ਸਮੱਸਿਆ ਆਉਂਦੀ ਹੈ ਉਥੇ ਮਨੁੱਖ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ।

Advertisements

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਉੱਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਇੱਕ ਹੈਕਟੇਅਰ ਰਕਬੇ ਦੀ ਪਰਾਲੀ ਸਾੜਨ ਨਾਲ 30 ਕਿਲੋ ਨਾਈਟ੍ਰੋਜਨ, 13.8 ਕਿਲੋ ਫ਼ਾਸਫ਼ੋਰਸ, 30 ਕਿਲੋ ਪੋਟਾਸ਼, 6.48 ਕਿਲੋ ਸਲਫ਼ਰ ਅਤੇ 2400 ਕਿਲੋ ਕਾਰਬਨ ਸੜ ਕੇ ਨਸ਼ਟ ਹੋ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟ੍ਰਿਕ ਆਕਸਾਈਡ ਵਰਗੀਆਂ ਖਤਰਨਾਕ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਬਹੁਤ ਹੀ ਮਾੜਾ ਅਸਰ ਪਾਉਂਦੀਆਂ ਹਨ।ਸੋ ਧਰਤੀ, ਮਨੁੱਖਤਾ ਅਤੇ ਵਾਤਾਵਰਣ ਦੀ ਮਹੱਤਤਾ ਨੂੰ ਸਮਝਦੇ ਹੋਏ ਕਿਸੇ ਵੀ ਹਾਲਤ ਵਿੱਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਇਸ ਕੁਰੀਤੀ ਨੂੰ ਠੱਲ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖਰੀਦ ਉੱਤੇ ਵੀ ਸਰਕਾਰ ਦੀ ਪੈਨੀ ਨਜ਼ਰ ਹੈ ਅਤੇ ਮੰਡੀਆਂ ਵਿਚ ਝੋਨੇ ਦਾ ਇੱਕ ਇੱਕ ਦਾਨਾ ਖਰੀਦ ਕੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ, ਅਧਿਕਾਰੀਆਂ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਜਿਵੇਂ ਹੀ ਕਿਸਾਨ ਮੰਡੀਆਂ ਵਿਚ ਝੋਨਾ ਲੈ ਕੇ ਆਉਂਦਾ ਹੈ ਉਸੇ ਸਮੇਂ ਝੋਨੇ ਦੀ ਖਰੀਦ ਕਰ ਲਈ ਜਾਵੇ ਤਾਂ ਜੋ ਕਿਸਾਨਾਂ ਨੂੰ ਜਿਆਦਾ ਦੇਰ ਮੰਡੀਆਂ ਵਿਚ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕ ਆਪਣੇ ਹੱਕਾਂ ਦੇ ਲਈ ਲੜਨਾ ਬਿਲਕੁਲ ਸਹੀ ਗੱਲ ਹੈ ਪਰ ਇਸ ਦੇ ਨਾਲ ਨਾਲ ਸਾਨੂੰ ਆਪਣੇ ਫਰਜ ਸਮਝਦੇ ਹੋਏ ਵੀ ਇਸ ਗੱਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸੇ ਵੀ ਕੀਮਤ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਨੂੰ ਜਮੀਨ ਵਿਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ।

LEAVE A REPLY

Please enter your comment!
Please enter your name here