ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾਂ, 1974 ਬੂਥਾਂ ‘ਤੇ 15723 ਵੋਟਰਾਂ ਨੇ ਲਿਆ ਭਾਗ:

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਦੋ ਦਿਨਾਂ ਬੂਥ ਪੱਧਰੀ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ 15723 ਵੋਟਰਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਭਾਗ ਲਿਆ ਗਿਆ । ਇਹ ਕੈਂਪ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਉਨ੍ਹਾਂ ਦੇ ਨਾਵਾਂ ਦੀ ਤਸਦੀਕ, ਨਵੀਂ ਰਜਿਸਟ੍ਰੇਸ਼ਨ, ਵੋਟਰ ਵੇਰਵਿਆਂ ਵਿੱਚ ਤਬਦੀਲੀਆਂ ਅਤੇ ਵੋਟਰ ਆਈਡੀ ਕਾਰਡਾਂ ਵਿੱਚ ਦਰੁੱਸਤੀ ਦੀ ਸਹੂਲਤ ਪ੍ਰਦਾਨ ਕਰਨ ਵਾਸਤੇ ਲਗਾਏ ਗਏ ਸਨ ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਲਗਾਤਾਰ ਦੂਜੇ ਦਿਨ ਜ਼ਿਲ੍ਹੇ ਭਰ ਦੇ ਸਮੁੱਚੇ 1974  ਪੋਲਿੰਗ ਬੂਥਾਂ ‘ਤੇ ਇਹ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਫਿਲੌਰ ਵਿਧਾਨ ਸਭਾ ਹਲਕੇ ਵਿੱਚ 242 ਬੂਥ, ਨਕੋਦਰ ਵਿੱਚ 252, ਸ਼ਾਹਕੋਟ ਵਿੱਚ 250, ਕਰਤਾਰਪੁਰ ਵਿੱਚ 228, ਜਲੰਧਰ ਪੱਛਮੀ ਵਿੱਚ 183, ਜਲੰਧਰ ਕੇਂਦਰੀ ਵਿੱਚ 190, ਜਲੰਧਰ ਉੱਤਰੀ ਵਿੱਚ 196, ਜਲੰਧਰ ਕੈਂਟ ਵਿੱਚ 216 ਅਤੇ ਆਦਮਪੁਰ ਵਿਧਾਨ ਸਭਾ ਹਲਕੇ ਵਿੱਚ 217 ਬੂਥ ਸ਼ਾਮਲ ਹਨ।

Advertisements

ਸ੍ਰੀ ਥੋਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਕੁੱਲ 15723 ਲੋਕਾਂ ਨੇ ਵੱਖ-ਵੱਖ ਸੇਵਾਵਾਂ ਲਈ ਇਨ੍ਹਾਂ ਕੈਂਪਾਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚ 9008 ਲੋਕਾਂ ਨੇ ਵੋਟਰ ਵਜੋਂ ਰਜਿਸਟਰਡ ਹੋਣ ਲਈ ਅਪਲਾਈ ਕੀਤਾ, ਜਦਕਿ 3426  ਵੱਲੋਂ ਫਾਰਮ 7, 2932 ਵੱਲੋਂ ਫਾਰਮ 8, 317 ਵੱਲੋਂ ਫਾਰਮ 8ਏ ਅਤੇ 196 ਵੱਲੋਂ ਫਾਰਮ 6 ਭਰੇ ਗਏ। ਇਨ੍ਹਾਂ ਵਿੱਚੋਂ 18 ਤੋਂ 19 ਸਾਲ ਦੀ ਉਮਰ ਦੇ 3830 ਨੌਜਵਾਨਾਂ ਵੱਲੋਂ ਵੋਟਾਂ ਲਈ ਅਪਲਾਈ ਕੀਤਾ ਗਿਆ, ਜੋ ਕਿ ਫਸਟ ਟਾਈਮ ਵੋਟਰ ਬਣ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੌਜਵਾਨ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਨ੍ਹਾਂ ਕੈਂਪਾਂ ਦੌਰਾਨ ਤਾਇਨਾਤ ਸਟਾਫ਼ ਵੱਲੋਂ ਲੋਕਾਂ ਨੂੰ ਫਾਰਮ ਭਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ ਤਾਂ ਜੋ ਉਹ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਯੋਗ ਹੋ ਸਕਣ। ਸਬੰਧਤ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਏ.ਈ.ਆਰ.ਓਜ਼.) ਵੱਲੋਂ ਵੀ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੀ ਪ੍ਰਕਿਰਿਆ ਸਬੰਧੀ ਲੋਕਾਂ ਨਾਲ ਗੱਲਬਾਤ ਕੀਤੀ ਗਈ। ਸ੍ਰੀ ਥੋਰੀ ਨੇ ਲੋਕਾਂ ਨੂੰ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਕੈਂਪ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੈਂਪ ਹਰੇਕ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਣਾਉਣ ਲਈ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਨਵੇਂ ਯੋਗ ਵੋਟਰ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (NVSP) ਰਾਹੀਂ ਵੀ ਆਪਣੇ ਆਪ ਨੂੰ ਆਨਲਾਈਨ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ 20 ਤੇ 21 ਨਵੰਬਰ ਨੂੰ ਹੋਰ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here