ਸੋਨੀ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕੀਤੀ ਗਈ ਅਹਿਮ ਮੀਟਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਰਾਜ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੰਚਾਰਜ ਮੰਤਰੀ ਵੀ ਹਨ, ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਮੁਲਾਜ਼ਮ ਯੂਨੀਅਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।  ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਉਨ੍ਹਾਂ ਮੰਗਾਂ ਦੀ ਪੂਰਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਰਣਨੀਤੀ ਬਣਾਈ ਗਈ ।

Advertisements


ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮਿਤੀ 23 ਨਵੰਬਰ 2021 ਨੂੰ ਦੁਪਹਿਰ 12 ਵਜੇ ਇੱਕ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਸਕੱਤਰ ਨੂੰ ਵੀ ਇਸ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਮੰਗਾਂ ਦੀ ਪੂਰਤੀ ਵਿੱਚ ਕਿਸੇ ਵੀ ਵਿੱਤੀ ਰੁਕਾਵਟ ਨੂੰ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ। ਸ਼੍ਰੀ ਸੋਨੀ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜੋ ਕਰਮਚਾਰੀ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ। ਉਨ੍ਹਾਂ ਧਰਨਾਕਾਰੀ ਮੁਲਾਜ਼ਮ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੰਮ ’ਤੇ ਪਰਤਣ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਐਮ.ਡੀ. ਪੀਐਚਐਸਸੀ ਭੁਪਿੰਦਰ ਸਿੰਘ, ਐਮ.ਡੀ. ਐਨਐਚਐਮ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅੰਦੇਸ਼, ਡਾਇਰੈਕਟਰ ਸਿਹਤ ਸੇਵਾਵਾਂ ਡਾ.ਓ.ਪੀ.ਗੋਜਰਾ ਹਾਜ਼ਰ ਹੋਏ।

LEAVE A REPLY

Please enter your comment!
Please enter your name here