ਰੇਤ ਦੀ ਕੀਮਤ 5.50 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਰੇਟ ਦੀ ਵਸੂਲੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹੇ ‘ਚ ਲੋਕਾਂ ਤੋਂ ਰੇਤ ਦੀ ਨਿਰਧਾਰਿਤ ਕੀਮਤ 5.50 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਰੇਟ ਦੀ ਵਸੂਲੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਨਿਰਧਾਰਿਤ ਕੀਮਤ ਤੋਂ ਵੱਧ ਰੇਟ ਤੇ ਰੇਤ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨ ਨੇ ਦੱਸਿਆ ਕਿ ਆਮ ਲੋਕਾਂ ਨੂੰ ਰੇਤ ਸਸਤੇ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਰੇਤ ਦੇ ਰੇਟ 9 ਰੁਪਏ ਪ੍ਰਤੀ ਘਣ ਫੁੱਟ ਤੋਂ ਘਟਾ ਕੇ 5.50 ਰੁਪਏ ਪ੍ਰਤੀ ਘਣ ਫੁੱਟ ਜਾ ਚੁੱਕੇ ਹਨ। ਗੌਰਤਲਬ ਹੈ ਕਿ ਸੂਬੇ ਭਰ ਵਿੱਚ ਲੋਕਾਂ ਨੂੰ ਰੇਤ ਘੱਟ ਤੋਂ ਘੱਟ ਵਾਜਬ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਪਿਛਲੇ ਦਿਨੀਂ ਪੰਜਾਬ ਕੈਬਨਿਟ ਵੱਲੋਂ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ‘ਤੇ ਮੁਹੱਈਆ ਕਰਵਾਉਣ ਲਈ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ।

Advertisements

ਉਨ੍ਹਾਂ ਇਸ ਸਬੰਧੀ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਆਮ ਜਨਤਾ ਤੋਂ ਰੇਤ ਦੇ ਨਿਰਧਾਰਤ ਰੇਟਾਂ ਤੋਂ ਵੱਧ ਰੇਟ ਦੀ ਵਸੂਲੀ ਨਾ ਕਰੇ। ਜੇਕਰ ਕਿਸੇ ਠੇਕੇਦਾਰ ਵੱਲੋਂ ਇਸ ਦੀ ਕੋਈ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਤੁਰੰਤ ਨਿਯਮਾਂ ਅਨੁਸਾਰ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਈਨਿੰਗ ਅਫਸਰ ਰਮਣੀਕ ਕੌਰ ਨੇ ਦੱਸਿਆ ਕਿ ਰੇਤ ਦੇ ਰੇਟਾਂ ਦੀ ਮੁਕੰਮਲ ਸੂਚੀ www.minesandgeology.punjab.gov.in ਜਾਂ ਮਾਈਨਿੰਗ ਵਿਭਾਗ ਦੇ ਦਫਤਰ ਵਿੱਚੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਪਤਕਾਰ ਤੋਂ ਕੋਈ ਵੀ ਠੇਕੇਦਾਰ ਉਪਰੋਕਤ ਨਿਰਧਾਰਿਤ ਰੇਟ ਤੋਂ ਵੱਧ ਪੈਸੇ ਵਸੂਲ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਮਾਈਨਿੰਗ ਵਿਭਾਗ ਜਾਂ ਸਬੰਧਿਤ ਥਾਣੇ ਵਿੱਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਨੋਡਲ ਅਫਸਰਾਂ ਤੇ ਸਮੂਹ ਮਾਈਨਿੰਗ ਕੰਟਰੈਕਟਰਾਂ ਨੂੰ ਨਵੀਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਅਨੁਸਾਰ ਰੇਤ ਅਤੇ ਗਰੈਵਲ ਦਾ ਵਿਕਰੀ ਮੁੱਲ ਪਿਟ ਹੈਡ ‘ਤੇ 5.50 ਰੁਪਏ ਪ੍ਰਤੀ ਘਣ ਫੁੱਟ ਤੁਰੰਤ ਲਾਗੂ ਕਰਨ ਹਿੱਤ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

LEAVE A REPLY

Please enter your comment!
Please enter your name here