ਸਮਾਜ ਨੂੰ ਬਦਲਣ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਅਰੁਨਾ ਚੌਧਰੀ

ਰਾਜਪੁਰਾ/ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੀ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਅਧਿਆਪਨ ਇਕ ਪਵਿੱਤਰ ਕਿੱਤਾ ਹੈ ਅਤੇ ਰਾਸ਼ਟਰ ਨਿਰਮਾਣ ਲਈ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਾਰਾ ਦੇਸ਼ ਉਨ੍ਹਾਂ ਦਾ ਕਰਜ਼ਦਾਰ ਹੈ। ਕੈਬਨਿਟ ਮੰਤਰੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਧਾਰਮਿਕ ਸਥਾਨਾਂ ਵਾਂਗ ਹਨ। ਇੱਥੇ ਪਟੇਲ ਪਬਲਿਕ ਸਕੂਲ ਰਾਜਪੁਰਾ ਵਿਖੇ ਹੋਏ ਸਮਾਗਮ ਦੌਰਾਨ ਅਧਿਆਪਕਾਂ ਦੀ ਭੂਮਿਕਾ ਨੂੰ ਮਾਵਾਂ ਦੇ ਬਰਾਬਰ ਦੱਸਦਿਆਂ ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਆਨ ਦੇ ਕੇ ਸਫ਼ਲਤਾ ਦੇ ਝੰਡੇ ਗੱਡਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਆਪਣੀ ਡਿਊਟੀ ਨਿਭਾਉਣ ਲਈ ਸੁਖਾਵਾਂ ਮਾਹੌਲ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਸਮੁੱਚੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਲੋੜ `ਤੇ ਜ਼ੋਰ ਦਿੱਤਾ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਰਾਬਰ ਲਾਭਦਾਇਕ ਸਾਬਤ ਹੋਵੇ।

Advertisements

ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਹਾਜ਼ਰੀ ਵਾਲੇ ਇਸ ਸਮਾਗਮ ਦੌਰਾਨ ਚੌਧਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੜ੍ਹਾਈ ਨੂੰ ਅੱਗੇ ਵਧਾਉਣ ਲਈ ਆਪਣੇ ਸਮੇਂ ਦੇ ਹਰ ਸਕਿੰਟ ਦੀ ਪੂਰੀ ਵਰਤੋਂ ਕਰਨ। ਵਿਦਿਆਰਥੀਆਂ ਨੂੰ ਇੱਕ ਟੀਚਾ ਮਿੱਥਣ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਆਪਣੇ ਸਮੇਂ ਦੇ ਪ੍ਰਬੰਧਨ ਦੇ ਹੁਨਰ ਨੂੰ ਨਿਖਾਰਨ ਦੀ ਲੋੜ `ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਆਪਣੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਦੂਜਿਆਂ ਪ੍ਰਤੀ ਹਮਦਰਦੀ ਰੱਖਣ ਅਤੇ ਇੱਕ ਟੀਮ ਦੇ ਰੂਪ ਵਿੱਚ ਇਕੱਠੇ ਵਧਣ ਲਈ ਇੱਕ ਦੂਜੇ ਦੀ ਮਦਦ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਭੰਗੜਾ, ਐੱਨ.ਐੱਸ.ਐੱਸ., ਖੇਡਾਂ ਅਤੇ ਹੋਰ ਸੱਭਿਆਚਾਰਕ ਅਤੇ ਸਹਾਇਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਹਿ-ਗਤੀਵਿਧੀਆਂ ਪੜ੍ਹਾਈ ਦੇ ਬਰਾਬਰ ਮਹੱਤਵ ਰੱਖਦੀਆਂ ਹਨ ਅਤੇ ਇਨ੍ਹਾਂ ਲਈ ਵੀ ਬਰਾਬਰ ਸਮਾਂ ਰੱਖਿਆ ਜਾਣਾ ਚਾਹੀਦਾ ਹੈ। 

ਸਮਾਗਮ ਦੌਰਾਨ ਸ੍ਰੀਮਤੀ ਚੌਧਰੀ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਤੇ ਖੇਡਾਂ ਤੇ ਸੱਭਿਆਚਾਰਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਲੋਕ ਨਾਚ ਸੰਮੀ ਅਤੇ ਅੰਗਰੇਜ਼ੀ ਨਾਟਕ ਸਮੇਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।25 ਸਾਲ ਸਕੂਲ ਦੀ ਸੇਵਾ ਕਰਨ ਵਾਲੇ ਅਤੇ ਸਾਰਾ ਸਾਲ ਸਕੂਲ ਵਿੱਚ ਹਾਜ਼ਰ ਰਹਿਣ ਵਾਲੇ ਅਧਿਆਪਕ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਛਾਇਆ ਨਰੂਲਾ ਅਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਪਟੇਲ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ, ਮੀਤ ਪ੍ਰਧਾਨ ਰਾਜੇਸ਼ ਆਨੰਦ, ਜਨਰਲ ਸਕੱਤਰ ਸੁਰਿੰਦਰ ਕੌਸ਼ਲ, ਵਿੱਤ ਸਕੱਤਰ ਠਾਕੁਰੀ ਖੁਰਾਣਾ ਅਤੇ ਸਕੱਤਰ ਵਿਨੈ ਕੁਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here