
ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਲੱਗਣ ਨਾਲ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਸਨ। ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਹ ਹਾਦਸਾ ਸਿਟੀ ਸੈਂਟਰ ਇਲਾਕੇ ‘ਚ ਵਾਪਰਿਆ, ਜਿੱਥੇ ਕਬਾੜ ਦੇ ਗੋਦਾਮ ‘ਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਬਾੜ ਦੇ ਗੋਦਾਮ ਦੇ ਉਪਰਲੇ ਕਮਰਿਆਂ ਵਿੱਚ ਰਹਿੰਦੇ ਮਜ਼ਦੂਰਾਂ ਦੇ ਪਰਿਵਾਰ ਅੱਗ ਦੀ ਲਪੇਟ ਵਿੱਚ ਆ ਗਏ।

ਕੁਝ ਹੀ ਪਲਾਂ ਵਿੱਚ ਇੱਕ ਪਰਿਵਾਰ ਇਸ ਦੀ ਲਪੇਟ ਵਿੱਚ ਆ ਗਿਆ। ਰੌਲਾ ਸੁਣ ਕੇ ਆਲੇ ਦੁਆਲੇ ਦੇ ਲੋਕ ਵੀ ਬਾਹਰ ਆ ਗਏ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਦੇ ਨਾਲ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕੁਝ ਪਰਿਵਾਰਾਂ ਨੂੰ ਬਾਹਰ ਕੱਢ ਲਿਆ ਗਿਆ। ਯਮੁਨਾਨਗਰ ਫਾਇਰ ਵਿਭਾਗ ਦੇ ਅਧਿਕਾਰੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਬਾੜ ਦੀ ਦੁਕਾਨ ‘ਚ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ 2 ਟੀਮਾਂ ਨੂੰ ਮੌਕੇ ‘ਤੇ ਭੇਜਿਆ। ਜਦੋਂ ਟੀਮ ਨੇ ਮੌਕੇ ‘ਤੇ ਆ ਕੇ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ ਤਾਂ 4 ਹੋਰ ਗੱਡੀਆਂ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ 3 ਬੱਚਿਆਂ ਅਤੇ 1 ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ।












