ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜਾ ਲਿਆ। ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ। 

Advertisements

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ , ਕਿਉਂਕਿ ਇਹਨਾਂ ਮੁਲਕਾਂ ਵਿੱਚ ਨਵੇਂ ਵਾਈਰਸ ਦੇ ਕੇਸ ਵੱਡੇ ਪੱਧਰ ‘ਤੇ ਸਾਹਮਣੇ ਆਏ ਹਨ। 

ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ਵਿੱਚ ਪ੍ਰਵੇਸ਼ ਹੋਣ ‘ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਹਨਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ਵਿੱਚ ਰਿਪੋਰਟ ਮੁੜ ਨੈਗੇਟਿਵ ਆਉਣ ‘ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here