ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ’ਚ ਸਹਾਈ ਸਾਬਿਤ ਹੋਵੇਗੀ ਸੀ-ਵਿਜੀਲ ਐਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਚੋਣ ਅਮਲੇ ਨੂੰ ਸੀ ਵਿਜਿਲ ਐਪ ਸਬੰਧੀ ਦਿੱਤੀ ਜਾ ਰਹੀ ਟ੍ਰੇਨਿੰਗ ਦੌਰਾਨ ਦੱਸਿਆ ਕਿ ਸੀ ਵਿਜਿਲ ਐਪ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਇੱਕ ਮਹੱਤਵਪੂਰਨ ਵਸੀਲਾ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਐਪ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਵਲੋਂ ਜਾਰੀ ਕੀਤੀ ਗਈ ਸੀ ਅਤੇ 2019 ਦੀਆਂ ਆਮ ਚੋਣਾਂ ਵਿੱਚ ਸਫ਼ਲਤਾਪੂਰਵਕ ਪਹਿਲੀ ਵਾਰ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਐਪ ਤਨਕੀਨੀ-ਸਮਝ ਵਾਲੇ ਨੌਜਵਾਨਾਂ ਦੀ ਚੋਣ ਅਮਲ ’ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ, ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸਰਲ ਬਣਾਉਣ ਅਤੇ ਇਸ ਦੇ ਕੰਮਕਾਜ ਨੂੰ ਬਦਲਦੇ ਸਮੇਂ ਦੇ ਨਾਲ ਤਾਲਮੇਲ ਬਿਠਾਉਣ ਦੇ ਹੋਰ ਨਵੇਂ ਤਰੀਕਿਆਂ ਵਿਚੋਂ ਇੱਕ ਹੈ। ਉਨ੍ਹਾਂ ਹੋਰ ਕਿਹਾ ਕਿ ਸੀ ਵਿਜਿਲ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਰੱਖਣ ਵਾਲਾ ਹੋਣ ਕਾਰਨ, ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦੇ ਸਬੂਤ ਆਧਾਰਿਤ ਪ੍ਰਮਾਣ ਪ੍ਰਦਾਨ ਕਰਦਾ ਹੈ।
                     ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਚੋਣ ਅਮਲ ਦੌਰਾਨ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਦੀ ਫਲਾਇੰਗ ਸਕੁਐਡ ਵੱਲੋਂ ਅੱਗੇ ਜਾਂਚ ਕੀਤੀ ਜਾਵੇਗੀ ਅਤੇ ਰਿਟਰਨਿੰਗ ਅਫ਼ਸਰ ਵੱਲੋਂ ਜਾਂਚ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਰਜ ਹੁੰਦੇ ਹੀ ਇਸ ’ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ 100 ਮਿੰਟਾਂ ’ਚ ਇਸ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਸ਼ਨਾਖਤ ਨਹੀਂ ਦੱਸਣੀ ਚਾਹੁੰਦਾ ਤਾਂ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਭਾਰਤੀ ਚੋਣ ਕਮਿਸ਼ਨ ਦੀ ਇਹ ਇੱਕ ਇਤਿਹਾਸਕ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਅਧਿਕਾਰੀ ਨੂੰ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ, ਤਾਂ ਜੋ ਇਹ ਐਪ ਵੋਟਰਾਂ ਲਈ ਵਰਦਾਨ ਸਾਬਤ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਐਪ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਣਾਲੀ ਹੁਣ ਤੋਂ ਹੀ ਸਥਾਪਿਤ ਕਰ ਲਈ ਜਾਵੇ, ਤਾਂ ਜੋ ਇਸ ਨੂੰ ਸਫ਼ਲ ਬਣਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੰਦੀਪ ਸਿੰਘ, ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਸ੍ਰੀ ਰਣਦੀਪ ਸਿੰਘ ਹੀਰ, ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here