ਪੰਜਾਬ ਸਰਕਾਰ ਨੇ ਕਿਸਾਨਾਂ ਦੇ 8 ਹਜ਼ਾਰ 556 ਕਰੋੜ ਦੇ ਕਰਜ਼ੇ ਕੀਤੇ ਮੁਆਫ: ਕੈਬਨਿਟ ਮੰਤਰੀ ਨਾਭਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਵੱਲੋਂ ਜ਼ੀਰਾ ਵਿਖੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਿਹਾਇਸ਼ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਦਾ 8 ਹਜ਼ਾਰ 556 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਕਿਸਾਨਾਂ ਦਾ ਵੀ 50 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਮੌਜੂਦ ਸਨ।

Advertisements

ਇਸ ਤੋਂ ਬਾਅਦ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਪਿੰਡ ਵਾੜਾ ਪੋਹਵਿੰਡੀਆ ਜ਼ੀਰਾ ਵਿਖੇ ਪਿੰਡ ਦੀ ਦਾਣਾ ਮੰਡੀ ਦੇ ਪੱਕੇ ਫੜ੍ਹ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਨਵੀਂ ਉਸਾਰੀ ਲਿੰਕ ਸੜਕ ਬੋਤੀਆ ਵਾਲਾ ਤੋਂ ਮਿਹਰ ਸਿੰਘ ਵਾਲਾ ਜਿਸਦੀ ਕੁਲ ਲੰਬਾਈ 2.95 ਕਿਲੋਮੀਟਰ ਅਤੇ ਲਾਗਤ 84.92 ਲੱਖ ਆਈ ਹੈ, ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਵੱਲੋਂ ਖਰੀਦ ਕੇਂਦਰ ਲਾਹੁਕੇ ਕਲਾਂ ਦੇ ਪੱਕੇ ਫੜ੍ਹ ਦਾ ਅਤੇ ਸੜਕਾਂ ਦੀ ਉਸਾਰੀ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ ਗਿੱਦੜਪਿੰਡੀ ਪੁਲ ਟੋਲ ਪਲਾਜ਼ਾ ਸੜਕ ਦਾ ਨੀਂਹ ਪੱਥਰ ਵੀ ਰੱਖਿਆ।
ਵਿਧਾਇਕ ਕੁਲਬੀਰ ਜ਼ੀਰਾ ਦੇ ਰਿਹਾਇਸ ਸਥਾਨ ਵਿਖੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਢਾਈ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਅਧੂਰੇ ਪਏ ਕੇਸਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਆਉਣ ਵਾਲੇ ਦਿਨਾਂ ਵਿੱਚ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰਨ ਬਹੁਮੱਤ ਨਾਲ ਸੱਤਾ ਵਿੱਚ ਆਵੇਗੀ। ਚੋਣਾਂ ਦੇ ਦੌਰਾਨ ਸਾਰੀਆਂ ਪਾਰਟੀਆਂ ਆਪੋ-ਆਪਣਾ ਜ਼ੋਰ ਲਗਾਉਂਦੀਆਂ ਹਨ, ਇਸ ਵਾਰ ਸਪੱਸ਼ਟ ਤੌਰ ਤੇ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਵੇਗੀ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ।
ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਹਲਕੇ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਉਨ੍ਹਾਂ ਵੱਲੋਂ ਕੀਤੇ ਗਏ ਵਿਕਾਸ ਕਾਰਜ ਹਲਕੇ ਵਿੱਚ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਦੇ ਖਰੀਦ ਕੇਂਦਰਾਂ ਦੇ ਪੱਕੇ ਫੜ੍ਹਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਜਿਸ ਦੇ ਬਣਨ ਨਾਲ ਕਿਸਾਨਾਂ, ਵਪਾਰੀਆਂ ਤੇ ਲੇਬਰ ਨੂੰ ਕਾਫੀ ਫਾਇਦਾ ਹੋਵੇਗੀ। ਉਨ੍ਹਾਂ ਨੇ ਹਲਕਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਉ ਤਾਂ ਜੋ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਵੀ ਵਧਾਇਆ ਜਾ ਸਕੇ। ਇਸ ਮੌਕੇ ਐੱਸਡੀਐਮ ਸੂਬਾ ਸਿੰਘ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹਲਕਾ ਨਿਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here