ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਲੋਂ ਮੋਹਰੀ ਦੇਸ਼ ਵਜੋਂ ਉਭਰ ਰਹੇ ਭਾਰਤ ਲਈ ਵਿਆਪਕ ਖੋਜਾਂ ਕਰਨ ਦੀ ਲੋੜ ’ਤੇ ਜ਼ੋਰ

ਜਲੰਧਰ/ਕਪੂਰਥਲਾ (ਦ ਸਟੈਲਰ ਨਿਊਜ਼)। ਵਿਆਪਕ ਖੋਜਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਅੱਜ ਕਿਹਾ ਕਿ ਭਾਰਤ ਨੂੰ ਵਿਸ਼ਵ ਦਾ ਮੋਹਰੀ ਦੇਸ਼ ਬਣਾਉਣਾ ਸਮੇਂ ਦੀ ਲੋੜ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ‘ਰਿਸਚਰਜ ਗਰਾਂਟ ਪ੍ਰਪੋਜ਼ਲ ਰਾਈਟਿੰਗ ਵਰਕਸ਼ਾਪ’ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਇਥੋਂ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਜਿਸ ਨੂੰ ਇਸ ਤੱਥ ਤੋਂ ਵੀ ਵਾਚਿਆ ਜਾ ਸਕਦਾ ਹੈ ਕਿ ਭਾਰਤੀਆਂ ਵਲੋਂ ਦੁਨੀਆਂ ਭਰ ਦੀਆਂ ਨਾਮੀ ਕੰਪਨੀਆਂ ਵਿੱਚ ਸ਼ਾਨਦਾਰ ਰੁਤਬਾ ਹਾਸਿਲ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਵੱਖ ਵੱਖ ਖੋਜਾਂ ਨਾਲ ਹੋਰ ਅੱਗੇ ਵਧਾਇਆ ਜਾ ਸਕਦਾ ਹੈ।

Advertisements

ਹੁਸਨ ਲਾਲ ਨੇ ਕਿਹਾ ਕਿ ਖੋਜ ਸਿੱਖਿਆ ਪ੍ਰਣਾਲੀ ਦੀ ਰੀੜ ਦੀ ਹੱਡੀ ਹੈ ਇਸ ਨਾਲ ਜਿਥੇ ਸਿੱਖਿਆ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਦੂਜੇ ਪਾਸੇ ਵਿਦਵਾਨਾਂ ਦੀ ਮੁਹਾਰਤ ਵਿੱਚ ਵੀ ਨਿਖਾਰ ਆਉਂਦਾ ਹੈ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਦੇਸ਼ ਹੈ ਅਤੇ ਇਸ ਵਿੱਚ ਹੋਰ ਖੋਜਾਂ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਅਗਵਾਈ ਕਰਨ ਲਈ ਖੋਜ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੇ ਲੋਕ ਵਿਸ਼ਵ ਦੇ ਮੁਕਾਬਲਿਆਂ ਦਾ ਸਾਹਮਣਾ ਕਰਨ ਦੇ ਸਮਰੱਥ ਹਨ । ਉਨ੍ਹਾਂ ਕਿਹਾ ਕਿ ਮਿਹਨਤ ਅਤੇ ਦ੍ਰਿੜਤਾ ਭਾਰਤੀਆਂ ਦੇ ਖੂਨ ਵਿੱਚ ਵੱਸੀ ਹੋਈ ਹੈ। ਵਿਦਿਆਰਥੀਆ ਨਾਲ ਜਜ਼ਬਾਤੀ ਹੁੰਦਿਆਂ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਕੱਤਰ ਨੇ ਉਨਾਂ ਨੁੂੰ ਮਿਲੇ ਵੱਖ -ਵੱਖ ਮੌਕਿਆਂ ਜਿਨਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਵੀ ਸ਼ਾਮਿਲ ਹੈ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਸਖ਼ਤ ਮਿਹਨਤ ਦੇ ਨਾਲ -ਨਾਲ ਚੋਟੀ ਦੇ ਦੇਸਾਂ ਨਾਲ ਮੁਕਾਬਲਾ ਕਰਨ ਨੂੰ ਵੀ ਜਾਰੀ ਰੱਖਣ। ਯੂਨੀਵਰਸਿਟੀ ਦੇ ਪ੍ਰਬੰਧਕਾਂ ਦੀ ਸਲਾਘਾ ਕਰਦਿਆਂ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਉਨਾਂ ਕੋਲ ਅਗਾਂਹਵਧੂ ਵਿਚਾਰ ਅਤੇ ਦੂਰ ਦ੍ਰਿਸ਼ਟੀ ਹੇ ਜਿਸ ਕਰਕੇ ਉਹ ਜਿਸ ਸਦਕਾ ਸਿੱਖਿਆ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤ ਦਿਨਾਂ ਦੀ ਇਸ ਵਰਕਸ਼ਾਪ ਦੇ ਬਹੁਤ ਸਾਰਥਕ ਨਤੀਜੇ ਨਿਕਲਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਦਾ ਲਵਲੀ ਪ੍ਰਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸੋਕ ਮਿੱਤਲ ਵਲੋਂ ਦੇਸ਼ ਅਤੇ ਸੂਬੇ ਦੀ ਸ਼ਾਨਦਾਰ ਸੇਵਾ ਲਈ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਖਾਸ ਕਰਕੇ ਜ਼ਿਕਰ ਕੀਤਾ ਕਿ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਦੌਰਾਨ ਉਨ੍ਹਾਂ ਬਹੁਤ ਹੀ ਸੂਝਬੂਝ ਨਾਲ ਸਥਿਤੀ ਨੂੰ ਕਾਬੂ ਹੇਠ ਰੱਖਿਆ। ਸ੍ਰੀ ਮਿੱਤਲ ਵਲੋਂ ਉਨਾਂ ਦੀ ਅਗਵਾਈ ਵਿੱਚ ਹੋਈਆਂ ਬੇਮਿਸਾਲ ਉਪਲਬੱਧੀਆਂ ਦਾ ਵੀ ਜ਼ਿਕਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵਰਕਸ਼ਾਪ ਸੂਬੇ ਅਤੇ ਦੇਸ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ।

LEAVE A REPLY

Please enter your comment!
Please enter your name here